ਪੰਜਾਬ ਸਰਕਾਰ ਲੜੇਗੀ ਗ੍ਰਿਫ਼ਤਾਰ ਕਿਸਾਨਾਂ ਦਾ ਕੇਸ

Category : Panjabi News | panjabi news Posted on 2021-02-02 06:53:37


ਪੰਜਾਬ ਸਰਕਾਰ ਲੜੇਗੀ ਗ੍ਰਿਫ਼ਤਾਰ ਕਿਸਾਨਾਂ ਦਾ ਕੇਸ

ਚੰਡੀਗੜ੍ਹ : ਖੇਤੀ ਕਾਨੂੰਨਾਂ ਅਤੇ ਦਿੱਲੀ ਵਿਖੇ ਵਾਪਰੇ ਘਟਨਾਕ੍ਮ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਉਧਰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ।

ਮੀਟਿੰਗ ਉਪਰੰਤ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰੰਘ ਸਰਕਾਰੀਆ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ/ਵਿਅਕਤੀਆਂ ਦੇ ਕੇਸ ਲੜਨ ਲਈ 40 ਵਕੀਲਾਂ ਦੀ ਟੀਮ ਬਣਾਈ ਗਈ ਹੈ ਜਿਸ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗਿ੍ਫ਼ਤਾਰ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਰਕੇ ਵਕਾਲਤਨਾਮੇ ਸਾਈਨ ਕਰਵਾਏਗੀ ਅਤੇ ਕੇਸਾਂ ਦੀ ਬਿਨ੍ਹਾਂ ਕਿਸੇ ਫੀਸ ਦੇ ਕਾਨੂੰਨੀ ਪੈਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਿ੍ਫ਼ਤਾਰ ਵਿਅਕਤੀਆਂ ਪ੍ਰਤੀ ਨਰਮ ਵਤੀਰਾ ਅਪਣਾਉਣ ਦੀ ਅਪੀਲ ਕੀਤੀ ਗਈ।

ਮੰਤਰੀਆਂ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਖੇ ਲਾਪਤਾ ਹੋਏ ਨੌਜਵਾਨਾਂ ਅਤੇ ਹੋਰ ਵਿਅਕਤੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ। ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਗ੍ਰਹਿ ਮੰਤਰਾਲੇ ਵੱਲੋਂ ਵੈੱਬਸਾਈਟ ‘ਤੇ ਪਾ ਦਿੱਤੀ ਗਈ ਹੈ। ਇਸ ਦੇ ਇਲਾਵਾ ਜੇਕਰ ਪੰਜਾਬ ਸਰਕਾਰ ਵੱਲੋਂ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ। ਰੰਧਾਵਾ ਨੇ ਦੱਸਿਆ ਕਿ ਸੰਵੇਦਨਸ਼ੀਲ ਮਸਲੇ ਬਾਰੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹਾਂ-ਪੱਖੀ ਅਤੇ ਸੰਜੀਦਾ ਹੁੰਗਾਰਾ ਦਿੱਤਾ ਗਿਆ।

ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ ਬਣੇ ਜਮੂਦ ਬਾਰੇ ਸਵਾਲ ਦੇ ਜਵਾਬ ਵਿਚ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨ ਮੰਗਾਂ ਦੇ ਹੱਲ ਲਈ ਜਲਦ ਕਦਮ ਉਠਾਉਣ ‘ਤੇ ਜ਼ੋਰ ਦਿੱਤਾ ਗਿਆ, ਜਿਸ ‘ਤੇ ਅਮਿਤ ਸ਼ਾਹ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਕਿਸਾਨਾਂ ਦੀ ਟੈਲੀਫੋਨ ਕਾਲ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

Stay tuned with us