ਕਾਂਗਰਸ ਪਾਰਟੀ ‘ਚ ਸੂਬਾ ਪ੍ਰਧਾਨ ਤੋਂ ਇਲਾਵਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਬਣਾਈ ਪਾਰਟੀ ਸਮੇਤ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਚੁੱਕੇ ਹਨ। ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਨੇ ਭਾਜਪਾ ਨਾਲ ਆਪਣੀ ਪਾਰਟੀ ਦਾ ਗੱਠਜੋੜ ਕੀਤਾ ਸੀ। ਇਸ ‘ਚ ਸੁਖਦੇਵ ਸਿੰਘ ਢੀਂਡਸਾ ਵਾਲਾ ਸੰਯੁਕਤ ਅਕਾਲੀ ਦਲ ਵੀ ਸੀ। ਪਰ ਕਿਸੇ ਪਾਰਟੀ ਨੂੰ ਕੋਈ ਸੀਟ ਨਹੀਂ ਮਿਲੀ ਅਤੇ ਇਸ ਗਠਜੋੜ ਨੂੰ ਇਕ ਤਰ੍ਹਾਂ ਨਾਲ ਲੋਕਾਂ ਨੇ ਨਕਾਰ ਦਿੱਤਾ। ਉਪਰੰਤ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਭਾਜਪਾ ‘ਚ ਸ਼ਾਮਲ ਹੋ ਗਏ। ਪਰ ਉਨ੍ਹਾਂ ਦੀ ਪਟਿਆਲਾ ਤੋਂ ਸੰਸਦ ਮੈਂਬਰ ਪਤਨੀ ਪਰਨੀਤ ਕੌਰ ਕਾਂਗਰਸ ‘ਚ ਹੀ ਹਨ। ਹੁਣ ਖ਼ਬਰਾਂ ਮਿਲ ਰਹੀਆਂ ਹਨ ਕਿ ਮਹਾਰਾਣੀ ਪਰਨੀਤ ਕੌਰ ਵੀ ਜਲਦ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਸੂਤਰਾਂ ਮੁਤਾਬਕ ਪਰਨੀਤ ਕੌਰ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ ‘ਚ ਰੈਲੀ ਦੌਰਾਨ ਪਰਨੀਤ ਕੌਰ ਨੇ ਭਾਜਪਾ ‘ਚ ਸ਼ਾਮਲ ਹੋਣਾ ਸੀ ਪਰ ਹੁਣ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ 29 ਜਨਵਰੀ ਨੂੰ ਉਨ੍ਹਾਂ ਦੀ ਪਟਿਆਲਾ ‘ਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਰਨੀਤ ਕੌਰ ਹੁਣ ਅਮਿਤ ਸ਼ਾਹ ਦੀ ਰੈਲੀ ਦਾ ਇੰਤਜ਼ਾਰ ਕਰ ਸਕਦੇ ਹਨ ਜਾਂ ਫਿਰ ਦਿੱਲੀ ਜਾ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਸ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।