ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਸਮੇਤ ਵੱਡੀ ਗਿਣਤੀ ‘ਚ ਇੱਕਠੇ ਹੋਏ ਲੋਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਵੀਰਵਾਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਦੀ ਸੁੱਤੀ ਸਰਕਾਰ ਨਾ ਜਾਗੀ ਤਾਂ ਲੋੜ ਪੈਣ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ, ਸਮੂਹ ਸਿੱਖ ਸਮਰਦਾਵਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਧਰਮ, ਜਾਤ ਤੇ ਕਿਸੇ ਵੀ ਭੇਦਭਾਵ ਤੋਂ ਉੱਪਰ ਉੱਠ ਕੇ ਬੰਦੀ ਸਿੰਘਾਂ ਦੇ ਮੁੱਦੇ ਤੇ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਪ੍ਰਧਾਨ ਧਾਮੀ ਨੇ ਕਿਹਾ ਜੇਕਰ ਇਸ ਮਸਲੇ ਸਬੰਧੀ ਲੋੜ ਪਈ ਤਾਂ ਉਹ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ‘ਚ ਵੀ ਲੈ ਕੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਪੰਥ ਦਾ ਜਨਮ ਅਸਥਾਨ ਹੈ ਤੇ ਇਸੇ ਧਰਤੀ ਤੋਂ ਦਿੱਲੀ ਜਾ ਕੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਾਨਵਤਾ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲੀਦਾਨ ਦਿੱਤਾ ‘ਤੇ ਅੱਜ ਇਸੇ ਧਰਤੀ ਤੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾਅ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਧਰ ਦਾਸਤਾਨ-ਏ-ਸਰਹੰਦ ਫਿਲਮ ਦੇ ਰਿਲੀਜ਼ ਹੋਣ ਸਬੰਧੀ ਧਾਮੀ ਨੇ ਕਿਹਾ ਕਿ ਇਸ ਫ਼ਿਲਮ ਨੂੰ ਬਣਾਉਣ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ। ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਫ਼ਿਲਮ ਨੂੰ ਕਿਸੇ ਵੀ ਸਿਨੇਮਾਘਰ ‘ਚ ਨਾ ਲੱਗਣ ਦਿੱਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਕੁਲਵੰਤ ਸਿੰਘ ਮੰਨਣ, ਅਜਮੇਰ ਸਿੰਘ ਖੇੜਾ, ਦਲਜੀਤ ਸਿੰਘ ਭਿੰਡਰ, ਚਰਨਜੀਤ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ।