ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਨੂੰ ਸਮਰਪਿਤ ਤਿੰਨ ਰੋਜ਼ਾ ਮਾਘੀ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਸਰੋਵਰ ‘ਚ ਇਸ਼ਨਾਨ ਕਰਨ ਮਗਰੋਂ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੂਜੇ ਪਾਸੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿਆਸੀ ਕਾਨਫਰੰਸਾਂ ਤਾਂ ਜ਼ਰੂਰ ਕੀਤੀਆਂ ਪਰ ਇਹ ਸੰਗਤ ਨੂੰ ਕੋਈ ਚੰਗਾ ਸੁਨੇਹਾ ਦੇਣ ‘ਚ ਨਾਕਾਮ ਰਹੀਆਂ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ‘ਚ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ। ਸੰਗਤ ਦੀ ਆਮਦ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਗੀ ਤੇ ਢਾਡੀ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ ਤੱਕ ਪੁੱਜਿਆ ਜਿਸ ਦੌਰਾਨ ਨਿਹੰਗ ਸਿੰਘਾਂ ਨੇ ਆਪਣੀ ਯੁੱਧਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ‘ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਗਤਕਾ ਪਾਰਟੀਆਂ, ਕੀਰਤਨੀ ਜਥੇ ਤੇ ਸ਼ਿੰਗਾਰੇ ਹੋਏ ਹਾਥੀ-ਘੋੜੇ ਸ਼ਾਮਲ ਸਨ। ਨਗਰ ਕੀਰਤਨ ਤੋਂ ਬਾਅਦ ਪੁਰਾਤਨ ਖਾਲਸਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਛਾਉਣੀ ਬੁੱਢਾ ਦਲ ਤੋਂ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ। ਮੇਲਾ ਮਾਘੀ ਮੌਕੇ ਆਮ ਆਦਮੀ ਪਾਰਟੀ ਨੇ ਐਤਕੀਂ ਸਿਆਸੀ ਕਾਨਫਰੰਸ ਕਰਨ ਤੋਂ ਗੁਰੇਜ਼ ਕੀਤਾ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵੀ ਕਿਤੇ ਦਿਖਾਈ ਨਹੀਂ ਦਿੱਤੀ। ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ ‘ਚ ਵੀ ਰਵਾਇਤੀ ਗੱਲਾਂ ਹੀ ਹੋਈਆਂ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੈਰਹਾਜ਼ਰੀ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਕੁਝ ਫਿੱਕੀ ਰਹੀ, ਜਿਸ ਕਰਕੇ ਇਹ ਮਹਿਜ਼ ਹਲਕਾ ਸ੍ਰੀ ਮੁਕਤਸਰ ਸਾਹਿਬ ਤੱਕ ਹੀ ਸੀਮਤ ਰਹੀ। ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ, ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਗੁਰਮੀਤ ਮੀਤ ਹੇਅਰ ਨੇ ਨਤਮਸਤਕ ਹੋ ਕੇ ਚਾਲ੍ਹੀ ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਿਸੇ ਵੀ ਆਗੂ ਨੇ ਕੋਈ ਸਿਆਸੀ ਟਿੱਪਣੀ ਨਹੀਂ ਕੀਤੀ। ਮਲੋਟ ਰੋਡ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਿੰਜਾਈ, ਸੇਮ, ਧਰਮ ਤੇ ਵਿਕਾਸ ਦੇ ਕੀਤੇ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਡੁੱਗ-ਡੁੱਗੀ ਵਜਾ ਕੇ ਅਤੇ ਲੋਕਾਂ ਨੂੰ ਭਰਮਾ ਕੇ ਪੰਜਾਬ ‘ਚ ਸੱਤਾ ਹਾਸਲ ਕੀਤੀ ਹੈ, ਜਦੋਂ ਕਿ ਗੁਜਰਾਤ ਅਤੇ ਹਿਮਾਚਲ ਦੇ ਲੋਕਾਂ ਨੇ ਸਿਆਣਪ ਦਿਖਾਉਂਦਿਆਂ ਇਨ੍ਹਾਂ ਨੂੰ ਨੇੜੇ ਨਹੀਂ ਲੱਗਣ ਦਿੱਤਾ। ਉਨ੍ਹਾਂ ਰਾਹੁਲ ਗਾਂਧੀ ਦੇ ਸਵਾਗਤ ਲਈ ਖੜ੍ਹੇ ਦਸਤਾਰੀ ਲੋਕਾਂ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਪਾਣੀ, ਭਾਈਚਾਰੇ ਅਤੇ ਸਿੱਖ ਧਰਮ ਨੂੰ ਬਰਬਾਦ ਕਰਨ ਲਈ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਸਿੱਖਾਂ ਅਤੇ ਪੰਜਾਬ ਦੀ ਵਾਰਿਸ ਪਾਰਟੀ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ ਹਵਾਲਿਆਂ ਨਾਲ ਸ਼ੁਰੂ ਕੀਤਾ ਸੰਬੋਧਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪੱਗੜੀ ਸਬੰਧੀ ਦਿੱਤੇ ਬਿਆਨ ਦੇ ਵਿਰੋਧ ਅਤੇ ਹਰਿਆਣਾ ਤੇ ਦਿੱਲੀ ਗੁਰਦੁਆਰਾ ਕਮੇਟੀਆਂ ਦੇ ਸਿਆਸੀਕਰਨ ‘ਤੇ ਸਮਾਪਤ ਕੀਤਾ। ਉਨ੍ਹਾਂ ਭਗਵੰਤ ਸਿੰਘ ਮਾਨ ਦੇ ਸ਼੍ਰੋਮਣੀ ਕਮੇਟੀ ਸਬੰਧੀ ਦਿੱਤੇ ਬਿਆਨ ਦੀ ਇਕ ਵਾਰ ਮੁੜ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਮੇਟੀ ਸਿੱਖਾਂ ਦੇ ਖੂਨ ਨਾਲ ਬਣੀ ਹੈ।