ਅਜਨਾਲਾ ਥਾਣੇ ਦੇ ਬਾਹਰ ਪੁਲੀਸ ਨਾਲ ਹੱਥੋਪਾਈ ਅਤੇ ਡਾਂਗਾਂ-ਕਿਰਪਾਨਾਂ ਨਾਲ ਹਮਲੇ ਸਮੇਂ ਗੁਰੂ ਗ੍ਰੰਥ ਸਾਹਿਬ ਨੂੰ ਇਕ ਗੱਡੀ ‘ਚ ਲਿਆਉਣ ਦਾ ਮਾਮਲਾ ਧਾਰਮਿਕ, ਸਿਆਸੀ ਅਤੇ ਸਮਾਜਿਕ ਤੌਰ ‘ਤੇ ਭਖ ਗਿਆ ਹੈ। ਇਸ ਲਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਿਸ਼ਾਨੇ ‘ਤੇ ਆ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਵੇਂ ਇਸ ਬਾਰੇ ਚੁੱਪ ਵੱਟੀ ਹੋਈ ਹੈ ਪਰ ਕਈ ਧਾਰਮਿਕ ਸ਼ਖਸੀਅਰਾਂ ਅਤੇ ਸਿਆਸੀ ਆਗੂ ਆਲੋਚਨਾ ਕਰ ਰਹੇ ਹਨ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਗੁਰੂ ਗ੍ਰੰਥ ਸਾਹਿਬ ਨੂੰ ‘ਢਾਲ’ ਬਣਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੁਲੀਸ ਨੇ ਬੜੇ ਸਬਰ ਤੇ ਸੰਜਮ ਤੋਂ ਕੰਮ ਲਿਆ ਪਰ ਜੇਕਰ ਮੌਕੇ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਜਾਂਦੀ ਤਾਂ ਜ਼ਿੰਮੇਵਾਰ ਕੌਣ ਹੁੰਦਾ? ਅਜਿਹਾ ਹੋਣ ‘ਤੇ ਹਾਲਾਤ ਵੀ ਵਿਗੜ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਨੂੰ ਬੇਅਦਬੀ ਹੀ ਕਰਾਰ ਦਿੱਤਾ ਹੈ। ਹੋਰ ਵੱਖ-ਵੱਖ ਜਥੇਬੰਦੀਆਂ ਨੇ ਵੀ ਭਵਿੱਖ ‘ਚ ਅਜਿਹੀ ਕੁਤਾਹੀ ਤੋਂ ਵਰਜਦਿਆਂ ਗੁਰੂ ਗ੍ਰੰਥ ਸਾਹਿਬ ਨੂੰ ਨਿੱਜੀ ਹਿੱਤਾਂ ਤੇ ਮੁਫਾਦਾਂ ਲਈ ਢਾਲ ਬਣਾਉਣ ਦੀ ਨਿਖੇਧੀ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੇ ਇਕ ਸਾਥੀ ਦੀ ਰਿਹਾਈ ਅਤੇ ਦਰਜ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅਜਨਾਲਾ ਥਾਣੇ ਮੂਹਰੇ ਧਰਨਾ ਦੇਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵਾਲੀ ਗੱਡੀ ਨੂੰ ਨਾਲ ਲੈ ਕੇ ਜਾਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਫ਼ਿਲਹਾਲ ਕੁਝ ਵੀ ਸਪੱਸ਼ਟ ਕਹਿਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਵਿਚਾਰ ਦਰਜ ਕੀਤੇ ਹਨ। ਉਨ੍ਹਾਂ ਲਿਖਿਆ ਹੈ ਕਿ ਜੇਕਰ ਕੋਈ ਜਬਰ-ਜ਼ੁਲਮ ਖ਼ਿਲਾਫ਼, ਮਨੁੱਖੀ ਹੱਕਾਂ ਨੂੰ ਕੁਚਲਣ ਖ਼ਿਲਾਫ਼ ਜਾਂ ਸਿੱਖ ਸੰਘਰਸ਼ ਕਰਦਾ ਹੈ ਤਾਂ ਉਸ ਦੀ ਸਿੱਧੇ ਜਾਂ ਅਸਿੱਧੇ ਰੂਪ ‘ਚ ਡੱਟਵੀਂ ਹਮਾਇਤ ਕਰਨੀ ਚਾਹੀਦੀ ਹੈ। ਇਸ ਕੰਮ ‘ਚ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰ ਕੇ ਅਸੀਸ ਲੈਣਾ ਵੀ ਜ਼ਰੂਰੀ ਹੈ। ਉਨ੍ਹਾਂ ਲਿਖਿਆ ਹੈ ਕਿ ਜਿੱਥੇ ਸੰਘਰਸ਼ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ-ਸਤਿਕਾਰ ‘ਚ ਕੋਈ ਕਮੀ ਆਉਣ ਦਾ ਖ਼ਦਸ਼ਾ ਹੋਵੇ ਉਥੇ ਜ਼ਰੂਰ ਵਿਚਾਰਨਾ ਚਾਹੀਦਾ ਹੈ। ਇਸ ਮਾਮਲੇ ‘ਚ ਪੁਰਾਤਨ ਇਤਿਹਾਸ ਤੋਂ ਸੇਧ ਲੈ ਲੈਣੀ ਚਾਹੀਦੀ ਹੈ। ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਇਸ ਮਾਮਲੇ ‘ਚ ਵੱਖ-ਵੱਖ ਵਿਚਾਰ ਸਾਹਮਣੇ ਆ ਰਹੇ ਹਨ। ਸ਼੍ਰੋਮਣੀ ਕਮੇਟੀ ਦੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਖਿਆ ਹੈ ਕਿ ਉਹ ਇਸ ਮਾਮਲੇ ‘ਚ ਹੋਰ ਸਪੱਸ਼ਟਤਾ ਨਾਲ ਦੱਸਣ। ਉਨ੍ਹਾਂ ਕਿਹਾ ਕਿ ਕੀ ਪੁਰਾਤਨ ਜੰਗਾਂ ਵੇਲੇ ਸਿੱਖ ਪਾਵਨ ਸਰੂਪ ਨੂੰ ਨਾਲ ਲੈ ਕੇ ਜਾਂਦੇ ਸਨ। ਇਸੇ ਤਰ੍ਹਾਂ ਕੁਝ ਹੋਰ ਲੋਕਾਂ ਨੇ ਵੀ ਇਸ ਮਾਮਲੇ ‘ਚ ਸਪੱਸ਼ਟਤਾ ਦੀ ਘਾਟ ‘ਤੇ ਉਂਗਲ ਉਠਾਈ ਹੈ। ਕੁਝ ਲੋਕਾਂ ਨੇ ਇਹ ਵੀ ਲਿਖਿਆ ਹੈ ਕਿ ਜੰਗਾਂ ਸਮੇਂ ਪਾਵਨ ਸਰੂਪ ਦੀ ਅਗਵਾਈ ਲੈਣ ਦੀ ਰਵਾਇਤ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰਦਿਆਂ ਕਿਹਾ ਹੈ ਕਿ ਇਹ ਧਾਰਮਿਕ ਮਰਿਆਦਾ ਨਾਲ ਸਬੰਧਤ ਮਾਮਲਾ ਹੈ ਅਤੇ ਇਸ ਬਾਰੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਹੀ ਕੁਝ ਕਹਿ ਸਕਦੇ ਹਨ। ਇਸੇ ਦੌਰਾਨ ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਜਨਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀ ਮੰਦਭਾਗੀ ਘਟਨਾ ਨੂੰ ਗੰਭੀਰਤਾ ਨਾਲ ਲੈਣ। ਉਨ੍ਹਾਂ ਇਸ ਸਬੰਧ ‘ਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਕ ਪੱਤਰ ਵੀ ਲਿਖਿਆ ਹੈ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਇਸ ਮਾਮਲੇ ‘ਚ ਸ੍ਰੀ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਢਾਲ ਬਣਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਇਸ ਮਾਮਲੇ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਖ਼ਿਲਾਫ਼ ਕਾਰਵਾਈ ਕਰਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਸਮਾਜ ਵਿਰੋਧੀ ਅਨਸਰਾਂ ਨਾਲ ਪੂਰੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੰਤਰੀ ਨੇ ਅਜਨਾਲਾ ਵਿਖੇ ਹਿੰਸਕ ਪ੍ਰਦਰਸ਼ਨ ਦੌਰਾਨ ਸਥਿਤੀ ਨੂੰ ਸਮਝਦਾਰੀ ਨਾਲ ਸੰਭਾਲਣ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਪੁਲਿਸ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠੇਗੀ। ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।