‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫਰਾਰ ਹੋਣ ਤੋਂ ਬਾਅਦ ਭਗੌੜਾ ਐਲਾਨੇ ਜਾਣ ਮਗਰੋਂ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ‘ਚ ਪੁਲੀਸ ਪਹੁੰਚੀ ਅਤੇ ਅੰਮ੍ਰਿਤਪਾਲ ਸਿੰਘ ਦੇ ਘਰ ‘ਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ। ਇਸ ਮਾਮਲੇ ‘ਚ ਪੁਲੀਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਉਸ ਦੀ ਪਤਨੀ ਪ੍ਰਵਾਸੀ ਭਾਰਤੀ ਹੈ। ਪੁਲੀਸ ਵੱਲੋਂ ਉਸ ਦੇ ਪਿਛੋਕੜ ਦੀ ਘੋਖ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਅਤੇ ਸੰਸਥਾ ‘ਵਾਰਿਸ ਪੰਜਾਬ ਦੇ’ ਲਈ ਵਿਦੇਸ਼ਾਂ ਤੋਂ ਫੰਡ ਜੁਟਾਉਣ ‘ਚ ਕਥਿਤ ਤੌਰ ‘ਤੇ ਉਸ ਦਾ ਨਾਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਾਂਚ ਵਾਸਤੇ ਗਈ ਪੁਲੀਸ ਟੀਮ ‘ਚ ਦੋ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਸ਼ਾਮਲ ਸਨ ਜਿਨ੍ਹਾਂ ‘ਚ ਇੱਕ ਮਹਿਲਾ ਡੀ.ਐੱਸ.ਪੀ. ਵੀ ਸ਼ਾਮਲ ਸੀ। ਇਹ ਟੀਮ ਇਕ ਘੰਟੇ ਤੋਂ ਵੱਧ ਸਮਾਂ ਅੰਮ੍ਰਿਤਪਾਲ ਸਿੰਘ ਦੇ ਘਰ ‘ਚ ਰਹੀ। ਟੀਮ ‘ਚ ਮਹਿਲਾ ਪੁਲੀਸ ਅਧਿਕਾਰੀ ਦੀ ਸ਼ਮੂਲੀਅਤ ਤੋਂ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਟੀਮ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਅਤੇ ਉਸ ਦੀ ਪਤਨੀ ਤੋਂ ਵੀ ਪੁੱਛ-ਪੜਤਾਲ ਕੀਤੀ ਹੈ। ਇਸ ਮਾਮਲੇ ਬਾਰੇ ਪੁਲੀਸ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪੁਲੀਸ ਟੀਮ ‘ਚ ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ ਅਤੇ ਡੀ.ਐੱਸ.ਪੀ. ਪਰਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਸ਼ਾਮਲ ਸਨ। ਇਸੇ ਤਰ੍ਹਾਂ ਅੰਮ੍ਰਿਤਪਾਲ ਦੇ ਪਿਤਾ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲ ਕਰਨ ਤੋਂ ਸੰਕੋਚ ਕੀਤਾ। ਇਸ ਤੋਂ ਪਹਿਲਾਂ ਪਰਿਵਾਰ ਨੂੰ ਇਕ ਹੋਰ ਵਫਦ ਮਿਲਣ ਆਇਆ ਸੀ ਜਿਸ ਨੇ ਘਰ ‘ਚ ਦੋ ਤੋਂ ਢਾਈ ਘੰਟੇ ਬਿਤਾਏ। ਇਸ ਵਫ਼ਦ ਨੇ ਵੀ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਵਫਦ ‘ਚ ਵਕੀਲ ਭਾਈਚਾਰੇ ਨਾਲ ਸਬੰਧਤ ਵਿਅਕਤੀ ਸ਼ਾਮਲ ਸਨ। ਅਣਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲੀਸ ਟੀਮ ਨੇ ਪਰਿਵਾਰਕ ਮੈਂਬਰਾਂ ਨੂੰ ਆਖਿਆ ਕਿ ਜੇਕਰ ਉਨ੍ਹਾਂ ਦਾ ਅੰਮ੍ਰਿਤਪਾਲ ਸਿੰਘ ਨਾਲ ਸੰਪਰਕ ਹੁੰਦਾ ਹੈ ਤਾਂ ਉਸ ਨੂੰ ਪੁਲੀਸ ਅੱਗੇ ਆਤਮਸਮਰਪਣ ਕਰਨ ਲਈ ਆਖਣ। ਇਸੇ ਦੌਰਾਨ ਪੁਲੀਸ ਨੇ ਘਰ ‘ਚ ਲੱਗੇ ਵਾਈ-ਫਾਈ ਸਿਸਟਮ ਨੂੰ ਵੀ ਘੋਖਿਆ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਪਿਛਲੇ ਸਮੇਂ ਦੌਰਾਨ ਕਿਹੜੇ ਵਿਅਕਤੀ ਅੰਮ੍ਰਿਤਪਾਲ ਦੇ ਸੰਪਰਕ ‘ਚ ਆਏ ਸਨ। ਪੁਲੀਸ ਨੇ ਇਸ ਸਬੰਧ ‘ਚ ਬੰਗਲੂਰੂ ਨਾਲ ਸਬੰਧਤ ਕੰਪਨੀ ਕੋਲੋਂ ਅੰਕੜੇ ਵੀ ਮੰਗੇ ਹਨ।