ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਰਜੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣਾ ਵਾਅਦਾ ਨਿਭਾਉਂਦਿਆਂ ਹੋਇਆ ਇਸ ਸਬੰਧੀ ਜਲਦੀ ਤੋਂ ਜਲਦੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਧਰਮ ਪ੍ਰਚਾਰ ਦੀ ਲਹਿਰ ਸਿਖਰਾਂ ‘ਤੇ ਹੈ, ਜਿਸ ਤਹਿਤ 200 ਮਿਸ਼ਨਰੀ ਵਿਦਿਆਰਥੀਆਂ ਨੂੰ ਜੂਨ ਦੀਆਂ ਛੁੱਟੀਆਂ ‘ਚ 50 ਪਿੰਡਾਂ ‘ਚ ਪ੍ਰਚਾਰ ਕੀਤਾ ਅਤੇ ਵੱਡੀ ਪੱਧਰ ‘ਤੇ ਪਰਿਵਾਰਾਂ ਦੀ ਘਰ ਵਾਪਸੀ ਹੋਈ ਹੈ ਤੇ ਇਹ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ ਹੋਰ ਆਗੂ ਮੌਜੂਦ ਸਨ। ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਇਹ ਬਿਆਨ ਅੰਮ੍ਰਿਤਸਰ ‘ਚ ਸਿਗਰਟ ਪੀਂਦੇ ਇਕ ਨੌਜਵਾਨ ਦੀ ਨਿਹੰਗਾਂ ਵੱਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਆਇਆ ਹੈ।