ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਉਸ ਮਗਰੋਂ ਉਨ੍ਹਾਂ ਆਪਣੀ ਵੱਖਰੀ ਪਾਰਟੀ ਬਣਾ ਕੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਕੇ ਚੋਣਾਂ ਲੜੀਆਂ ਸਨ। ਹੁਣ ਉਹ ਆਪਣੀ ਪਾਰਟੀ ਨੂੰ ਭਾਜਪਾ ‘ਚ ਮਰਜ਼ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੁੱਤਰ ਰਣਇੰਦਰ ਸਿੰਘ ਨਾਲ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਤੇ ਕੌਮੀ ਪੱਧਰ ਦੇ ਮੁੱਦੇ ਵਿਚਾਰੇ। ਆਪਣੀ ਪਿੱਠ ਦਾ ਲੰਡਨ ਵਿੱਚੋਂ ਇਲਾਜ ਕਰਵਾ ਦੇਸ਼ ਪਰਤਣ ਮਗਰੋਂ ਉਨ੍ਹਾਂ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੁਲਾਕਾਤ ਮਗਰੋਂ ਕਿਹਾ ਕਿ ਮੋਦੀ ਨਾਲ ਮਿਲਣੀ ਨਿੱਘ ਵਾਲੀ ਰਹੀ ਤੇ ਪੰਜਾਬ ਦੇ ਕਈ ਮਸਲੇ ਵਿਚਾਰੇ। ਉਨ੍ਹਾਂ ਦੱਸਿਆ ਕਿ ਦੋਹਾਂ ਨੇ ਦੇਸ਼ ਤੇ ਸੂਬੇ ਦੀ ਸੁਰੱਖਿਆ ਬਾਰੇ ਚਰਚਾ ਕੀਤੀ ਤੇ ਮਿਲ ਕੇ ਕੰਮ ਕਰਨ ਦਾ ਇਰਾਦਾ ਪ੍ਰਗਟਾਇਆ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਰੱਹਦੀ ਸੂਬੇ ‘ਚ ਸੁਰੱਖਿਆ ਦਾ ਮੁੱਦਾ ਹਮੇਸ਼ਾਂ ਉਠਾਇਆ ਜਾਂਦਾ ਰਿਹਾ ਹੈ। ਇਸ ਤੋਂ ਚਰਚਾ ਛਿੜ ਗਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਸ਼ਾਇਦ ਪੰਜਾਬ ‘ਚ ਭਾਜਪਾ ਦੀ ਕਮਾਨ ਸਾਂਭ ਲੈਣ। ਕਾਂਗਰਸ ਤੇ ਅਕਾਲੀ ਦਲ ਬਾਦਲ ਦੇ ਨਾਰਾਜ਼ ਆਗੂਆਂ ਨੂੰ ਪਲੋਸ ਕੇ ਭਾਜਪਾ ਨਾਲ ਜੋੜਨ ਦੀ ਕੋਸ਼ਿਸ਼ ਭਾਜਪਾ ਕਰ ਰਹੀ ਹੈ। ਕੈਪਟਨ ਵੱਲੋਂ ਪੰਜਾਬ ਲੋਕ ਕਾਂਗਰਸ ਬਣਾ ਕੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਤਜਰਬਾ ਕੌੜਾ ਰਿਹਾ ਤੇ ਉਹ ਆਪਣਾ ਹਲਕਾ ਵੀ ਨਾ ਜਿੱਤ ਸਕੇ। ‘ਮਿਸ਼ਨ ਪੰਜਾਬ’ ਤਹਿਤ ਭਾਜਪਾ ਵੱਲੋਂ ਪਾਰਟੀ ‘ਚ ਸ਼ਾਮਲ ਹੋ ਰਹੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਸਾਲ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਕਾ ਦਿੱਤਾ ਜਾ ਸਕਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ ਕਿਉਂਕਿ ਹੁਣ ਉਹ ਵੀ ਭਾਜਪਾ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਪ੍ਰਧਾਨ ਮੰਤਰੀ ਦੀਆਂ ਲੋਕ ਪੱਖੀ ਤੇ ਦੂਰਅੰਦੇਸ਼ੀ ਨੀਤੀਆਂ ਕਾਰਨ ਵਿਰੋਧੀ ਧਿਰ ਦੇ ਵੱਡੇ ਆਗੂ ਤੇ ਆਮ ਲੋਕ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਸਪਤਾਲ ਦੇ ਉਦਘਾਟਨ ਲਈ ਆਏ ਮੋਦੀ ਨੇ ਪੰਜਾਬ ਦੇ ਕਈ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਜਿਨ੍ਹਾਂ ‘ਚ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਏ ਆਗੂ ਵੀ ਸ਼ਾਮਲ ਸਨ।