ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਕਾਂਗਰਸ ਨੇ ਅੱਜ ਬਜਟ ਸੈਸ਼ਨ ਦੇ ਆਖਰੀ ਦਿਨ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਕੇਂਦਰ ਸਰਕਾਰ ਦੀ ‘ਝੋਲੀ’ ਪੈਣ ਦਾ ਦੋਸ਼ ਮੜ੍ਹਿਆ ਗਿਆ। ਇਹ ਵੀ ਦੋਸ਼ ਲਾਇਆ ਕਿ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤ ਕੇਂਦਰ ਕੋਲ ਗਹਿਣੇ ਰੱਖ ਦਿੱਤੇ ਹਨ। ਇਸ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ ਆਦਿ ਉਨ੍ਹਾਂ ਦੇ ਨਾਲ ਮੌਜੂਦ ਰਹੇ। ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿਛੜਿਆਂ ਨੂੰ ਸ਼ਰਧਾਂਜਲੀ ਦੇਣ ਬਾਅਦ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਕਾਨੂੰਨ ਵਿਵਸਥਾ ‘ਤੇ ਬਹਿਸ ਕਰਨ ਦੀ ਮੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਬਾਰੇ ਮਤੇ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਦੇ ‘ਚੋਂ ਆ ਗਏ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੀਕਰ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਕਿਹਾ। ਉਨ੍ਹਾਂ ਸਪੀਕਰ ‘ਤੇ ਸਰਕਾਰ ਦੇ ਹੁਕਮ ਮੁਤਾਬਕ ਚੱਲਣ ਦਾ ਦੋਸ਼ ਲਗਾਇਆ। ਕਾਂਗਰਸੀ ਵਿਧਾਇਕਾਂ ਨੇ 45 ਮਿੰਟ ਤੱਕ ਸਦਨ ’ਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਕਿਹਾ ਪੰਜਾਬ ਪੁਲੀਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸ਼ਾਹਕੋਟ ਇਲਾਕੇ ‘ਚ ਆਪਰੇਸ਼ਨ ਅੰਮ੍ਰਿਤਪਾਲ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸੋਚੀ-ਸਮਝੀ ਸਾਜ਼ਿਸ਼ ਸੀ ਕਿਉਂਕਿ ਕੇਂਦਰ ਸਰਕਾਰ ਆਪਣਾ ਲਾਹਾ ਲੈਣਾ ਚਾਹੁੰਦੀ ਸੀ ਅਤੇ ਪੰਜਾਬ ਸਰਕਾਰ ਜਲੰਧਰ ਲੋਕ ਸਭਾ ਚੋਣ ਦੌਰਾਨ ਆਪਣਾ ਫ਼ਾਇਦਾ ਦੇਖ ਰਹੀ ਸੀ, ਨਹੀਂ ਤਾਂ ਅੰਮ੍ਰਿਤਪਾਲ ‘ਤੇ ਕਾਰਵਾਈ ਕਿਤੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲਾਂ ਇਹੀ ਦੁਹਰਾਉਂਦੀਆਂ ਹਨ ਕਿ ਇਹ ਸੋਚੀ-ਸਮਝੀ ਸਾਜ਼ਿਸ਼ ਹੈ ਅਤੇ ਜਿਸ ਬੰਦੇ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਸੀ, ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਸਭ ਪਤਾ ਹੈ ਕਿ ਕਿਵੇਂ ਅੰਮ੍ਰਿਤਪਾਲ ਨੇ ਗੱਡੀ ਬਦਲੀ, ਕਿੱਥੇ ਕੱਪੜੇ ਬਦਲੇ ਪਰ ਇਹੀ ਨਹੀਂ ਪਤਾ ਕਿ ਉਹ ਇਸ ਵੇਲੇ ਕਿੱਥੇ ਹੈ। ਬਾਜਵਾ ਨੇ ਸਪੀਕਰ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਵਿਧਾਨ ਸਭਾ ਦਾ ਸਪੀਕਰ ਇਕ ਫਰਜ਼ੀ ਸਪੀਕਰ ਹੈ ਜਿਵੇਂ ਭਗਵੰਤ ਮਾਨ ਫਰਜ਼ੀ ਮੁੱਖ ਮੰਤਰੀ ਹੈ।