ਆਮ ਆਦਮੀ ਪਾਰਟੀ ਦੇ ਪੰਜਾਬ ਵਿਚਲੇ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਦੀ ਭਾਜਪਾ ਵੱਲੋਂ ਪੇਸ਼ਕਸ਼ ਦੇ ਇਲਜ਼ਾਮਾਂ ਤੋਂ ਬਾਅਦ ਇਹ ਮੁੱਦਾ ਹੋਰ ਭਖ਼ ਗਿਆ ਹੈ। ‘ਆਪਰੇਸ਼ਨ ਲੋਟਸ’ ਵਾਲੇ ਇਹ ਦੋਸ਼ ਲਾਉਣ ਵਾਲੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਅਤੇ ਡੀ.ਜੀ.ਪੀ. ਨੂੰ ‘ਆਪ’ ਵਿਧਾਇਕਾਂ ਵੱਲੋਂ ਦਿੱਤੀ ਸ਼ਿਕਾਇਤ ‘ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਹੋਣ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹੋਰ ਪਾਰਟੀ ਆਗੂਆਂ ਨਾਲ ਰਾਜਪਾਲ ਨਾਲ ਮੁਲਾਕਾਤ ਕੀਤੀ। ਰਾਜਪਾਲ ਨੂੰ ਮੰਗ-ਪੱਤਰ ਦੇ ਕੇ ਇਨ੍ਹਾਂ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਜਿਸ ਮਗਰੋਂ ਡੀ.ਜੀ.ਪੀ. ਨੂੰ ਸ਼ਿਕਾਇਤ ਪੱਤਰ ਦੇ ਕੇ ਜਾਂਚ ਕਰਵਾਉਣ ਵਾਲੇ ਹਰਪਾਲ ਚੀਮਾ ਯੂ-ਟਰਨ ਮਾਰ ਗਏ ਹਨ। ਹੁਣ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਕੋਲੋਂ ਕਰਵਾਈ ਜਾਵੇ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ.ਬੀ.ਆਈ. ਤੋਂ ਕਰਾਉਣ ਦੀ ਮੰਗ ਕੀਤੀ ਹੈ। ਭਾਜਪਾ ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ‘ਚ ਆਉਣ ਵਾਲੇ ਕੁਝ ਮਹੀਨਿਆਂ ‘ਚ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਮਾੜੀ ਰਾਜਨੀਤੀ ਅਤੇ ਫਰਜ਼ੀ ਬਿਆਨਬਾਜ਼ੀ ‘ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਤੇ ਲਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਕੀਤੇ ਜਾ ਰਹੇ ਯਤਨ ਹਨ। ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਤੇ ਇਸ ਦੇ ਇਸ਼ਾਰਿਆਂ ‘ਤੇ ਚੱਲਣ ਵਾਲੀ ਅਫਸਰਸ਼ਾਹੀ ‘ਤੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਇਸ ਲਈ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ‘ਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਸੁਣੇ ਜਾ ਰਹੇ ਹਨ। ਇਸ ਤੋਂ ਸਾਫ ਹੈ ਕਿ ‘ਆਪ’ ਵਿੱਚ ਕਿਸ ਤਰ੍ਹਾਂ ਭ੍ਰਿਸਟਾਚਾਰ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ ‘ਆਪ’ ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ।