ਆਪਰੇਸ਼ਨ ਲੋਟਸ ਦਾ ਰੌਲਾ ਪਾ ਕੇ ਭਾਜਪਾ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਦਾ ਦੋਸ਼ ਲਾਉਣ ਮਗਰੋਂ ਭਾਵੇਂ ਭਰੋਸਗੀ ਸਾਬਤ ਕਰਨ ਲਈ ਸੱਦਿਆ ਇਜਲਾਸ ਗਵਰਨਰ ਨੇ ਰੱਦ ਕਰ ਦਿੱਤਾ ਹੈ, ਪਰ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 27 ਸਤੰਬਰ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦ ਲਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਚੰਡੀਗੜ੍ਹ ਵਿੱਚ ‘ਸ਼ਾਂਤੀ ਮਾਰਚ’ ਕੱਢਿਆ। ਸੱਦੇ ਗਏ ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਬਿਜਲੀ ਅਤੇ ਪਰਾਲੀ ਵਰਗੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ‘ਚ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ। ਕੈਬਨਿਟ ਨੇ ਸੂਬੇ ਦੇ ਰਾਜਪਾਲ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ। ਰਾਜਪਾਲ ਵੱਲੋਂ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਦਿੱਤੀ ਪ੍ਰਵਾਨਗੀ ਰੱਦ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਪੰਜਾਬ ਵਿਧਾਨ ਸਭਾ ਵਿੱਚ ‘ਆਪ’ ਵਿਧਾਇਕਾਂ ਨਾਲ ਗੈਰਰਸਮੀ ਮੀਟਿੰਗ ਕੀਤੀ। ਮੀਟਿੰਗ ‘ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਵਿਕਰਮਜੀਤ ਸਿੰਘ ਸਾਹਨੀ ਵੀ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਦੀ ਪ੍ਰਵਾਨਗੀ ਰੱਦ ਕਰਨਾ ਮੰਦਭਾਗਾ ਹੈ। ਅਜਿਹਾ ਕਰਕੇ ਸੂਬੇ ‘ਚ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਸ਼ੇਸ਼ ਇਜਲਾਸ ਰੱਦ ਕੀਤੇ ਜਾਣ ਤੋਂ ਖ਼ਫ਼ਾ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਤੋਂ ਰਾਜ ਭਵਨ ਤੱਕ ‘ਸਾਂਤੀ ਮਾਰਚ’ ਕੱਢ ਕੇ ਰਾਜਪਾਲ ਦੇ ਫ਼ੈਸਲੇ ਖਿਲਾਫ਼ ਰੋਸ ਦਾ ਮੁਜ਼ਾਹਰਾ ਕੀਤਾ। ‘ਆਪ’ ਵਿਧਾਇਕ ਰਾਜ ਭਵਨ ਵੱਲ ਵਧੇ ਤਾਂ ਪੁਲੀਸ ਕਰਮੀਆਂ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਬਾਹਰ ਚੌਕ ਵਿੱਚ ਹੀ ਅੱਗੇ ਵਧਣ ਤੋਂ ਰੋਕ ਦਿੱਤਾ। ਵਿਧਾਇਕਾਂ ਨੇ ‘ਲੋਕਤੰਤਰ ਦੇ ਕਾਤਲ’, ‘ਕਾਂਗਰਸ-ਭਾਜਪਾ ਵੱਲੋਂ ਲੋਕਤੰਤਰ ਦਾ ਕਤਲ’ ਤੇ ‘ਆਪਰੇਸ਼ਨ ਲੋਟਸ ਬੰਦ ਕਰੋ’ ਵਰਗੇ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ। ‘ਆਪ’ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਸੂਬੇ ਦੀ ਤਰੱਕੀ ਰੋਕਣ ਲਈ ਵਿਰੋਧੀ ਧਿਰਾਂ ਪੰਜਾਬ ਵਿੱਚ ‘ਆਪ’ ਖ਼ਿਲਾਫ਼ ਕੰਮ ਕਰ ਰਹੀਆਂ ਹਨ। ਵਿਧਾਇਕਾਂ ਨੇ ਰਾਜਪਾਲ ਵੱਲੋਂ ਵਿਸ਼ੇਸ਼ ਇਜਲਾਸ ਸੱਦਣ ਦੇ ਆਪਣੇ ਪਹਿਲੇ ਹੁਕਮ ਨੂੰ ਵਾਪਸ ਲੈਣ ਦੇ ਫੈਸਲੇ ਨੂੰ ‘ਲੋਕਤੰਤਰ ਦਾ ਮਜ਼ਾਕ ਉਡਾਉਣਾ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਮੇਤ ਵਿਰੋਧੀ ਪਾਰਟੀਆਂ ਲੋਕਤੰਤਰ ਨੂੰ ਕਮਜ਼ੋਰ ਕਰਨ ਲਈ ਮਿਲ ਕੇ ਕੰਮ ਕਰ ਰਹੀਆਂ ਹਨ ਕਿਉਂਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਅਸਾਧਾਰਨ ਕਾਰਗੁਜ਼ਾਰੀ ਤੋਂ ਹੈਰਾਨ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੱਟੜ ਸਿਪਾਹੀਆਂ ਵੱਲੋਂ ਅਜਿਹੇ ਨਾਪਾਕ ਏਜੰਡੇ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ਵਿਧਾਇਕਾਂ ਨੇ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਹ ਭਾਜਪਾ ਦੀ ‘ਬੀ-ਟੀਮ’ ਹੈ ਅਤੇ ਭਗਵਾ ਪਾਰਟੀ ਲਈ ਹੀ ਕੰਮ ਕਰ ਰਹੀ ਹੈ।