ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਉੱਚ ਪੁਲੀਸ ਅਧਿਕਾਰੀ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਬਠਿੰਡਾ ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਧਾਇਕ ਦੇ ਪੀ.ਏ. ਨੂੰ ਪੰਜਾਬ ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਬਠਿੰਡਾ ਵਿਖੇ ਚਾਰ ਲੱਖ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਟਵੀਟ ਕਰਦਿਆਂ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ‘ਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ। ਇਸ ਸਬੰਧੀ ਹਾਸਲ ਹੋਰ ਜਾਣਕਾਰੀ ਮੁਤਾਬਕ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਜਦਕਿ ਇਕ ਹੋਰ ਰਿਪੋਰਟ ‘ਚ ਕਿਹਾ ਗਿਆ ਕਿ ਵਿਧਾਇਕ ਹਰਿਆਣਾ ‘ਚੋਂ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ‘ਚ ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਨੂੰ ਫੜਿਆ ਸੀ। ਬਿਊਰੋ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਕੋਟਫੱਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਦੇ 11 ਮਹੀਨਿਆਂ ‘ਚ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਦੋ ਮੰਤਰੀ ਕੁਰਸੀ ਗੁਆ ਚੁੱਕੇ ਹਨ। ਪਹਿਲਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕੀਤਾ ਗਿਆ ਸੀ। ਉਨ੍ਹਾਂ ‘ਤੇ ਕੰਮ ਦੇ ਬਦਲੇ ਠੇਕੇਦਾਰ ਤੋਂ ਕਮਿਸ਼ਨ ਮੰਗਣ ਦਾ ਦੋਸ਼ ਸੀ। ਇਸ ਤੋਂ ਬਾਅਦ ਫੌਜਾ ਸਿੰਘ ਸਰਾਰੀ ਤੋਂ ਮੰਤਰੀ ਦਾ ਅਹੁਦਾ ਖੁੱਸਿਆ। ਦੂਜੇ ਪਾਸੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਸਾਰੀਆਂ ਵਿਰੋਧੀਆਂ ਦੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲਾਂ ਵਿਧਾਇਕ ਨੂੰ ਬਚਾਉਣ ਦੀ ਸਿਰਤੋੜ ਕੋਸ਼ਿਸ਼ ਕੀਤੀ ਪਰ ਵਧਦੇ ਦਬਾਅ ਕਰਕੇ ਗ੍ਰਿਫ਼ਤਾਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੰਤਰੀ ਦੇ ਅਹੁਦੇ ਤੋਂ ਹਟਾਏ ਆਗੂਆਂ ਸਮੇਤ ਇਸ ਵਿਧਾਇਕ ਨੂੰ ਪਾਰਟੀ ‘ਚੋਂ ਕੱਢਣ ਤੋਂ ਇਲਾਵਾ ਉਨ੍ਹਾਂ ਦੀ ਮੈਂਬਰਸ਼ਿਪ ਵੀ ਰੱਦ ਕੀਤੀ ਜਾਵੇ।