ਪੰਜਾਬ ਯੂਥ ਕਾਂਗਰਸ ਦੇ ਸੂਬਾਈ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਰਕਰਾਂ ਨੇ ਜਲੰਧਰ ’ਚ ਈ.ਡੀ. ਦੇ ਦਫ਼ਤਰ ਦੇ ਬਾਹਰ ਧਰਨਾ ਲਾਇਆ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸ ਦੇ ਆਗੂਆਂ ਨੇ ਹੱਥਾਂ ’ਚ ਤਖ਼ਤੀਆਂ ਫਡ਼ੀਆਂ ਹੋਈਆਂ ਸਨ ਜਿਨ੍ਹਾਂ ’ਤੇ ਈ.ਡੀ. ਤੇ ਸੀ.ਬੀ.ਆਈ. ਨੂੰ ਕੇਂਦਰ ਸਰਕਾਰ ਦੇ ਤੋਤੇ ਲਿਖਿਆ ਹੋਇਆ ਸੀ। ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਧਰਨੇ ’ਚ ਦੋ ਪਿੰਜਰੇ ਰੱਖੇ ਹੋਏ ਸਨ ਜਿਨ੍ਹਾਂ ਵਿੱਚ ਤੋਤੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੈਦ ਕੀਤੇ ਇਨ੍ਹਾਂ ਤੋਤਿਆਂ ਰਾਹੀਂ ਆਪਣੀ ਬੋਲੀ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਨੂੰ ਤੋਤੇ ਬਣਾ ਕੇ ਵਰਤਿਆ ਜਾ ਰਿਹਾ ਹੈ। ਇਨ੍ਹਾਂ ਤੋਤਿਆਂ ਨੂੰ ਆਜ਼ਾਦ ਕੀਤਾ ਜਾਵੇਗਾ। ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਨੇ ਕਿਹਾ ਕਿ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਈ.ਡੀ. ਦਫ਼ਤਰ ’ਚ ਪਡ਼ਤਾਲ ਕਰਨ ਬਹਾਨੇ ਤੰਗ ਪ੍ਰੇਸ਼ਾਨ ਕਰ ਕੇ ਦੇਸ਼ ਦਾ ਧਿਆਨ ਭੱਖਦੇ ਮੁੱਦਿਆਂ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਬੇਰੁਜ਼ਗਾਰੀ ਦਾ ਵੱਡਾ ਮੁੱਦਾ ਹੈ ਤੇ ਨੌਕਰੀਆਂ ਦੇ ਮੌਕੇ ਲਗਾਤਾਰ ਘਟ ਰਹੇ ਹਨ। ਉਨ੍ਹਾਂ?ਕਿਹਾ ਕਿ ਜੀ.ਐੱਸ.ਟੀ. ਕਰ ਕੇ ਨਿੱਤ ਵਰਤੋਂ ਦੀਆਂ ਵਸਤਾਂ ਦੇ ਭਾਅ ਆਸਮਾਨੀ ਚਡ਼੍ਹ ਗਏ ਹਨ। ਯੂਥ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ ਨੇ ਕਿਹਾ ਕਿ ਯੂਥ ਕਾਂਗਰਸ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਡ਼ਕਾਂ ’ਤੇ ਲਗਾਤਾਰ ਵਿਰੋਧ ਕਰਦੀ ਰਹੇਗੀ। ਉਧਰ, ਕਾਂਗਰਸ ਭਵਨ ’ਚ ਕਾਂਗਰਸੀ ਰੋਸ ਧਰਨੇ ’ਤੇ ਬੈਠੇ। ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਤੇ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਦੀ ਅਗਵਾਈ ਹੇਠ ਸੱਤਿਆਗ੍ਰਹਿ ਤਹਿਤ ਈ.ਡੀ. ਵਿਰੁੱਧ ਧਰਨਾ ਦਿੱਤਾ ਗਿਆ। ਧਰਨੇ ’ਚ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਵਿਧਾਇਕ ਸ਼ੁਸ਼ੀਲ ਰਿੰਕੂ, ਰਾਜਿੰਦਰ ਬੇਰੀ ਤੇ ਬਾਵਾ ਹੈਨਰੀ ਸਣੇ ਹੋਰ ਕਾਂਗਰਸੀ ਆਗੂ ਸ਼ਾਮਲ ਹੋਏ।