ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਐੱਸ.ਆਈ.ਟੀ. ਨੇ ਪੰਜਾਬ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਇਸ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਸੀ ਅਤੇ ਹੁਣ ਇਨ੍ਹਾਂ ਰਿਪੋਰਟਾਂ ‘ਤੇ ਆਉਣ ਵਾਲੀ 29 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਅਦਾਲਤ ਨੂੰ ਦੋਵਾਂ ਮਾਮਲਿਆਂ ਦੀ ਸੁਣਵਾਈ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕਰ ਰਹੀਆਂ ਦੋਵਾਂ ਸਿਟਾਂ ਨੂੰ ਵੀ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਸਮੇਂ-ਸਮੇਂ ‘ਤੇ ਜ਼ਿਲ੍ਹਾ ਅਦਾਲਤ ‘ਚ ਦਾਇਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਤਹਿਤ ਕੋਟਕਪੂਰਾ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਕੁਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ‘ਚ ਆਪਣੀ ਰਿਪੋਰਟ ਸੌਂਪ ਦਿੱਤੀ ਸੀ ਜਦਕਿ ਹੁਣ ਬਹਿਬਲ ਕਲਾਂ ਗੋਲੀ ਕਾਂਡ ਦੀ ਐੱਸ.ਆਈ.ਟੀ. ਨੇ ਵੀ ਆਪਣੀ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਕੁਝ ਲੋਕਾਂ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ ਜਦਕਿ ਕੋਟਕਪੂਰਾ ਗੋਲੀ ਕਾਂਡ ‘ਚ ਅਜੇ ਤੱਕ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ ਕਿਉਂਕਿ ਕੋਟਕਪੂਰਾ ਗੋਲੀ ਕਾਂਡ ਪਹਿਲਾਂ ਦਾਇਰ ਚਾਰਜਸ਼ੀਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰਦਿਆਂ ਸੂਬਾ ਸਰਕਾਰ ਨੂੰ ਜਾਂਚ ਲਈ ਨਵੀਂ ਐੱਸ.ਆਈ.ਟੀ. ਦਾ ਗਠਿਨ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਜਿਸ ਤੋਂ ਬਾਅਦ ਸਰਕਾਰ ਨੇ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਹੇਠ ਨਵੀਂ ਸਿਟ ਦਾ ਗਠਿਨ ਕੀਤਾ ਸੀ ਜਿਸ ਵੱਲੋਂ ਜਾਂਚ ਜਾਰੀ ਹੈ।