ਹਰਿਆਣਾ ਦੀ ਸਿਆਸਤ ਦੇ ਕਿਸੇ ਸਮੇਂ ਥੰਮ ਮੰਨੇ ਜਾਂਦੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਫਰਜ਼ੰਦ ਤੇ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਬਿਸ਼ਨੋਈ ਨੇ ਆਪਣੀ ਪਤਨੀ ਰੇਣੂਕਾ ਬਿਸ਼ਨੋਈ ਅਤੇ ਸਾਥੀਆਂ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਅਸਤੀਫ਼ਾ ਸੌਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਸ਼ਨੋਈ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਚੁਣੌਤੀ ਸਵੀਕਾਰ ਕਰਦਿਆਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਉਹ ਆਪਣੇ ਪੁੱਤਰ ਭਾਵਿਆ ਨੂੰ ਚੋਣ ਲਡ਼ਾਉਣਾ ਚਾਹੁੰਦੇ ਹਨ ਪਰ ਆਖਰੀ ਫ਼ੈਸਲਾ ਪਾਰਟੀ ਦਾ ਹੋਵੇਗਾ। ਬਿਸ਼ਨੋਈ ਨੇ ਸਾਬਕਾ ਮੁੱਖ ਮੰਤਰੀ ਹੁੱਡਾ ਨੂੰ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਚੋਣ ਲਡ਼ ਕੇ ਦਿਖਾਉਣ ਦੀ ਚੁਣੌਤੀ ਦਿੱਤੀ ਹੈ। ਇਸ ਮੌਕੇ ਬਿਸ਼ਨੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕੰਮਕਾਜ ਦੀ ਸ਼ਲਾਘਾ ਵੀ ਕੀਤੀ। ਕੁਲਦੀਪ ਬਿਸ਼ਨੋਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਛੋਟੇ ਪੁੱਤਰ ਹਨ, ਜੋ ਕਾਂਗਰਸ ਦਾ ਪ੍ਰਧਾਨ ਨਾ ਲਗਾਏ ਜਾਣ ਕਾਰਨ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਸਨ। ਉਨ੍ਹਾਂ ਨੇ ਰਾਜ ਸਭਾ ਚੋਣਾਂ ’ਚ ਕਾਂਗਰਸ ਦੇ ਰਾਜ ਸਭਾ ਮੈਂਬਰ ਅਜੈ ਮਾਕਨ ਖ਼ਿਲਾਫ਼ ਵੋਟ ਪਾ ਕੇ ਆਪਣੀ ਨਾਰਾਜ਼ਗੀ ਜੱਗ ਜ਼ਾਹਰ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਲੰਘੇ ਹਫ਼ਤੇ ਬਿਸ਼ਨੋਈ ਨੇ ਅਮਿਤ ਸ਼ਾਹ, ਜੇ.ਪੀ. ਨੱਢਾ ਤੇ ਮਨੋਹਰ ਲਾਲ ਖੱਟਰ ਨਾਲ ਮੀਟਿੰਗਾਂ ਕੀਤੀਆਂ ਸਨ।