ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਲੋਕ ਸਭਾ ਤੋਂ ਅਯੋਗ ਠਹਿਰਾਉਣ ਅਤੇ ਭਵਿੱਖ ‘ਚ ਚੋਣ ਲੜਨ ‘ਤੇ ਰੋਕ ਲਾਉਣ ਖ਼ਿਲਾਫ਼ ਕਾਂਗਰਸ ਨੇ ਪੰਜਾਬ ਵਿੱਚ ‘ਸੰਵਿਧਾਨ ਬਚਾਓ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ‘ਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ‘ਸੰਵਿਧਾਨ ਬਚਾਓ’ ਮੁਹਿੰਮ ਤਹਿਤ ਲੋਕਾਂ ਨੂੰ ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਤਹਿਤ ਜਲੰਧਰ ‘ਚ ਕੰਪਨੀ ਬਾਗ ਚੌਕ ਤੋਂ ਡਾ. ਬੀ.ਆਰ. ਅੰਬੇਡਕਰ ਚੌਕ ਤੱਕ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਸੂਬਾ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਚੰਗੇ ਭਵਿੱਖ ਲਈ ਬੰਦੂਕ ਦੀ ਨਹੀਂ, ਕਲਮ ਦੀ ਲੋੜ ਹੈ ਤੇ ਕੇਂਦਰੀ ਤੇ ਰਾਜ ਦੀਆਂ ਏਜੰਸੀਆਂ ਪੰਜਾਬ ਦੇ ਚੰਗੇ ਮਾਹੌਲ ਨੂੰ ਖਰਾਬ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਉਸ ਦੇ ਘਰ ‘ਚੋਂ ਕਾਬੂ ਕਰਨ ਦੀ ਥਾਂ ਸ਼ਾਹਕੋਟ ਤੋਂ ਫੜਨ ਦੀ ਕੋਸ਼ਿਸ਼ ਆਖਰ ਕਿਉਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਾ ‘ਚ ਗੈਂਗਸਟਰ ਫਰਾਰ ਹੋਣ ਮਗਰੋਂ ਸਥਾਨਕ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਭਗਵੰਤ ਮਾਨ ਦੱਸਣ ਕਿ ਅੰਮ੍ਰਿਤਪਾਲ ਨੂੰ ਕਾਬੂ ਨਾ ਕਰ ਸਕਣ ਵਾਲੇ ਪੁਲੀਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ‘ਚ ਬੈਠ ਕੇ ਇੰਟਰਵਿਊ ਦੇ ਰਿਹਾ ਹੈ ਤੇ ਸਰਕਾਰ ਵੱਲੋਂ ਉਸ ਜੇਲ੍ਹ ਦੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਸਣੇ ਕਈ ਵਿਭਾਗ ਆਪਣੇ ਕੋਲ ਰੱਖੇ ਹੋਏ ਹਨ ਤੇ ਇਨ੍ਹਾਂ ਵਿਭਾਗਾਂ ਦੀ ਨਾਕਾਮੀ ਦਾ ਜ਼ਿੰਮਾ ਉਨ੍ਹਾਂ ਸਿਰ ਪੈਂਦਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਕਾਂਗਰਸ ਵੱਲੋਂ ਦੇਸ਼ ਭਰ ‘ਚ ਭਾਜਪਾ ਦੇ ਤਾਨਾਸ਼ਾਹ ਵਤੀਰੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ‘ਸੰਵਿਧਾਨ ਬਚਾਓ’ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਇਕ ਮਹੀਨਾ ਕਾਂਗਰਸੀ ਆਗੂ ਲੋਕਾਂ ਕੋਲ ਜਾ ਕੇ ਉਨ੍ਹਾਂ ਨੂੰ ਜਾਗਰੂਕ ਕਰਨਗੇ। ਬਾਅਦ ‘ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਲਏ ਗਏ ਫ਼ੈਸਲੇ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਇਹ ਜਮਹੂਰੀਅਤ ਦਾ ਕਤਲ ਤੇ ਸੰਵਿਧਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕਾਂਗਰਸ ਵੱਲੋਂ, ਜੋ ਲੜਾਈ ਆਰੰਭੀ ਗਈ ਹੈ, ਉਹ ਸਿਰਫ਼ ਰਾਹੁਲ ਗਾਂਧੀ ਦੀ ਨਹੀਂ, ਸਗੋਂ ਦੇਸ਼ ‘ਚ ਜਮਹੂਰੀਅਤ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਇਸ ਤਹਿਤ ਪਾਰਟੀ ਵੱਲੋਂ ਵਿਰੋਧੀ ਧਿਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਕਿ ਦੇਸ਼ ਨੂੰ ਬਚਾਉਣ ਲਈ ਉਹ ਇਕਜੁੱਟ ਹੋਣ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ‘ਚ ਭਾਜਪਾ ਸਰਕਾਰ ਆਈ ਹੈ, ਉਸ ਵੇਲੇ ਤੋਂ ਹੀ ਗਾਂਧੀ ਪਰਿਵਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਨ੍ਹਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਵਾਸਤੇ ਈ.ਡੀ. ਤੇ ਹੋਰ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਉਹ ਖਾਲਸਾ ਵਹੀਰ ਚਲਾਉਂਦਾ ਹੈ, ਅੰਮ੍ਰਿਤਪਾਨ ਕਰਾਉਂਦਾ ਹੈ ਜਾਂ ਧਰਮ ਪ੍ਰਚਾਰ ਕਰਦਾ ਹੈ ਤਾਂ ਕਾਂਗਰਸ ਨੂੰ ਕੋਈ ਇਤਰਾਜ਼ ਨਹੀਂ, ਪਰ ਵੱਖਰੇ ਰਾਜ ਤੇ ਖਾਲਿਸਤਾਨ ਦੀ ਮੰਗ ਨਾਲ ਕਾਂਗਰਸ ਕਦੇ ਵੀ ਸਹਿਮਤ ਨਹੀਂ ਹੋਵੇਗੀ। ਕਾਂਗਰਸ ਇਸ ਮੰਗ ਦਾ ਵਿਰੋਧ ਕਰਦੀ ਹੈ ਤੇ ਇਹ ਮੰਗ ਕਰਨ ਵਾਲਿਆਂ ਖ਼ਿਲਾਫ਼ ਹਮੇਸ਼ਾ ਡੱਟ ਕੇ ਖੜ੍ਹੀ ਹੈ। ਉਨ੍ਹਾਂ ਆਪਣੀ ਨਿੱਜੀ ਰਾਏ ਦਿੰਦਿਆਂ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਭਰੋਸਾ ਰੱਖਦਿਆਂ ਅੰਮ੍ਰਿਤਪਾਲ ਨੂੰ ਪੁਲੀਸ ਅੱਗੇ ਆਤਮ ਸਮਰਪਣ ਕਰ ਦੇਣਾ ਚਾਹੀਦਾ ਹੈ। ਸੂਬੇ ਦੇ ਪਿਛਲੇ ਕੁਝ ਦਿਨਾਂ ਦੇ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਇਕ ਸੋਚੀ ਸਮਝੀ ਚਾਲ ਹੈ ਤੇ ਸਰਕਾਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ।