ਕੋਟਕਪੂਰਾ ਗੋਲੀ ਕਾਂਡ ‘ਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਅਦਾਲਤ ‘ਚ ਪੇਸ਼ ਹੋਏ। ਬਾਦਲ ਪਿਉ-ਪੁੱਤ ਅਗਾਊਂ ਜ਼ਮਾਨਤ ਦਾ ਬੌਂਡ ਜਮ੍ਹਾਂ ਕਰਵਾਉਣ ਲਈ ਜ਼ਿਲ੍ਹਾ ਅਦਾਲਤ ‘ਚ ਹਾਜ਼ਰ ਸਨ। ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪੁਲੀਸ ਦੇ 6 ਉੱਚ ਅਧਿਕਾਰੀਆਂ ਖ਼ਿਲਾਫ਼ ਬੀਤੀ 24 ਫਰਵਰੀ ਨੂੰ ਅਦਾਲਤ ‘ਚ ਚਲਾਨ ਪੇਸ਼ ਕੀਤਾ ਸੀ। ਬਾਦਲ ਪਿਉ-ਪੁੱਤ ਸਮੇਤ ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਆਦਲਤ ‘ਚ ਪੇਸ਼ ਹੋਣ ਸਮੇ ਅਦਾਲਤ ਨੇ ਚਲਾਨ ਦੀਆਂ ਨਕਲਾਂ ਮੁਹੱਈਆ ਕਰਵਾ ਕੇ 12 ਅਪ੍ਰੈਲ 2023 ਨੂੰ ਮੁੜ ਅਦਾਲਤ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਜਦੋਂਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਵੱਲੋਂ ਚੱਲਦੇ ਮੁਕੱਦਮੇ ਤੱਕ ਐਡੀਸ਼ਨਲ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚੋਂ ਜ਼ਮਾਨਤ ਅਗਾਊਂ ਨਾ ਮਿਲਣ ਕਰਕੇ ਉਨ੍ਹਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਲਾਈ ਗਈ ਹੈ, ਜਿਸ ‘ਤੇ ਮਾਣਯੋਗ ਹਾਈ ਕੋਰਟ ਵਲੋਂ 30 ਮਈ ਤੱਕ ਜ਼ਮਾਨਤ ਦੇ ਕੇ 15 ਦਿਨਾਂ ਦੇ ਅੰਦਰ ਅੰਦਰ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ ਫਰੀਦਕੋਟ ਦੀ ਅਦਾਲਤ ‘ਚ ਬਤੌਰ ਮੁਲਜ਼ਮ ਨਿੱਜੀ ਤੌਰ ‘ਤੇ ਪੇਸ਼ ਹੋਏ, ਜਿਸ ‘ਤੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਨੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੇ ਹੁਕਮਾਂ ਮੁਤਾਬਿਕ 5 ਲੱਖ ਰੁਪਏ ਦੇ ਜ਼ਮਾਨਤਨਾਮੇ ‘ਤੇ ਮੁਚੱਲਕੇ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ। ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਨੇ 16 ਮਾਰਚ ਨੂੰ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦਿੰਦਿਆਂ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੁੰਦੜ, ਪੇ੍ਰਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ ਆਦਿ ਅਕਾਲੀ ਆਗੂ ਵੀ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਾਡੇ ‘ਤੇ ਝੂਠਾ ਮਾਮਲਾ ਦਰਜ ਕੀਤਾ ਹੈ ਪਰ ਸਾਨੂੰ ਮਾਣਯੋਗ ਅਦਾਲਤ ‘ਤੇ ਪੂਰਾ ਭਰੋਸਾ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਬਾਦਲ ਪਰਿਵਾਰ ‘ਤੇ ਝੂਠਾ ਕੇਸ ਕੀਤਾ ਸੀ ਪਰ ਮਾਣਯੋਗ ਅਦਾਲਤ ਨੇ ਸਾਨੂੰ ਇਨਸਾਫ਼ ਦਿੱਤਾ ਸੀ।