ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ‘ਸਿਟ’ ਨੇ ਤਲਬ ਕੀਤਾ ਹੈ। ਵੇਰਵਿਆਂ ਅਨੁਸਾਰ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2015 ‘ਚ ਹੋਏ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ ‘ਤੇ ਕਿਸ ਨੇ ਪੁਲੀਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ ‘ਤੇ ਤਾਇਨਾਤ ਰਹੇ ਪੁਲੀਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਨੂੰ ਪੁੱਛ ਪੜਤਾਲ ਲਈ ਪੁਲੀਸ ਹੈੱਡਕੁਆਰਟਰ ‘ਤੇ 30 ਅਗਸਤ ਨੂੰ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਸੁਖਬੀਰ ਸਿੰਘ ਬਾਦਲ 30 ਅਗਸਤ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ। ਇਸੇ ਦੌਰਾਨ ਪਤਾ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਡੁਬਈ ਤੋਂ ਵਾਪਸ ਆ ਗਏ ਹਨ ਅਤੇ ਜਾਂਚ ਟੀਮ ਨੇ ਉਨ੍ਹਾਂ ਨੂੰ ਤਲਬ ਹੋਣ ਬਾਰੇ ਪੱਤਰ ਸੌਂਪ ਦਿੱਤਾ ਹੈ।