ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ‘ਚ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਨੂੰ ਬੇਕਸੂਰ ਕਰਾਰ ਦਿੰਦਿਆਂ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਸਣੇ ਚਾਰਾਂ ਨੂੰ ਨਾਮਜ਼ਦ ਕੀਤਾ ਹੈ। ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਇਸ ਐੱਸ.ਆਈ.ਟੀ. ਨੇ ਕੋਟਕਪੂਰਾ ਗੋਲੀ ਕਾਂਡ ‘ਚ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜਿਸ਼ ਦੱਸਦਿਆਂ ਸਿੱਖ ਧਰਨਾਕਾਰੀਆਂ ਨੂੰ ਕਲੀਨਚਿੱਟ ਦੇ ਦਿੱਤੀ ਹੈ। ਨਾਲ ਹੀ ਇਸ ਕੇਸ ‘ਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ਾਂ ਤਹਿਤ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਤੋਂ ਇਲਾਵਾ ਫਰੀਦਕੋਟ ਦੇ ਤਤਕਾਲੀ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14-10-2015 ‘ਚ ਮੁਲਜ਼ਮ ਨਾਮਜ਼ਦ ਕਰ ਦਿੱਤਾ ਹੈ। ਜਾਂਚ ਟੀਮ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੱਖਰਾ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ‘ਤੇ ਅਦਾਲਤ ਨੇ ਉਕਤ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ ਬੱਤੀਆਂ ਵਾਲੇ ਚੌਕ ‘ਚ ਧਰਨੇ ‘ਤੇ ਬੈਠੀ ਸਿੱਖ ਸੰਗਤ ‘ਤੇ ਪੁਲੀਸ ‘ਤੇ ਕਾਤਲਾਨਾਂ ਹਮਲਾ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਦਿੱਤਾ ਸੀ ਅਤੇ ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ ‘ਤੇ ਸਬੂਤ ਤੇ ਕੁਝ ਗਵਾਹ ਵੀ ਇਕੱਤਰ ਕੀਤੇ ਗਏ। ਜਾਂਚ ਟੀਮ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿੱਥੀ ਸਾਜਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖ਼ਿਲਾਫ਼ ਚਲਾਨ ਅਦਾਲਤ ‘ਚ ਪੇਸ਼ ਨਹੀਂ ਕੀਤਾ ਸਗੋਂ ਝੂਠੇ ਕੇਸ ਦੀ ਕਥਿਤ ਸਾਜਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਚਲਾਨ ਅਦਾਲਤ ‘ਚ ਪੇਸ਼ ਕਰ ਦਿੱਤਾ ਹੈ। ਓਧਰ ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਨਾਮਜ਼ਦ ਹੋਣ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਲਾਨ ਦੀਆਂ ਨਕਲਾਂ ਲੈਣ ਲਈ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਚਲਾਨ ਦੀ ਨਕਲ ਵਕੀਲ ਰਾਹੀਂ ਤੁਰੰਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਆਪਣੀ ਜਮਾਨਤ ‘ਚ ਬਹਿਸ ਦੌਰਾਨ ਆਪਣਾ ਪੱਖ ਰੱਖ ਸਕਣ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਨੇ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਮੁਲਜ਼ਮ ਪਹਿਲਾਂ ਅਦਾਲਤ ‘ਚ ਹਾਜ਼ਰ ਹੋਣ ਉਸ ਤੋਂ ਬਾਅਦ ਹੀ ਉਹ ਕਾਨੂੰਨੀ ਤੌਰ ‘ਤੇ ਚਲਾਨ ਦੀਆਂ ਨਕਲਾਂ ਲੈਣ ਦੇ ਹੱਕਦਾਰ ਹੋਣਗੇ। ਅਦਾਲਤ ਭਲਕੇ ਸੋਮਵਾਰ ਨੂੰ ਇਸ ਮੁੱਦੇ ‘ਤੇ ਆਪਣਾ ਹੁਕਮ ਸੁਣਾਏਗੀ। ਇਸੇ ਦੌਰਾਨ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲੀਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ‘ਚ ਆਉਣ ਵਾਲੇ ਤਿੰਨ ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ।