ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਚੁੱਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀ ਦਿੱਲੀ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਨਾਲ ਸੰਸਦ ਭਵਨ ‘ਚ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ‘ਚ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਦਾ ਵਧ ਰਿਹਾ ਪ੍ਰਭਾਵ ਚਿੰਤਾ ਦਾ ਵਿਸ਼ਾ ਹੈ। ਕੈਪਟਨ ਨੇ ਆਖਿਆ ਕਿ ਉਹ ਆਪਣੀ ਸਰਜਰੀ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ ਸਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਆਏ ਹਨ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਕੋਲੋਂ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਪਿਛਲੇ 53 ਸਾਲ ਤੋਂ ਸਿਆਸਤ ‘ਚ ਹਨ ਅਤੇ ਉਨ੍ਹਾਂ ਇਹ ਵੀ ਆਖਿਆ ਕਿ ਕਿਵੇਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਗਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਉਸੇ ਰਾਹ ‘ਤੇ ਤੁਰਦਾ ਜਾਪ ਰਿਹਾ ਹੈ। ਹਾਲਾਂਕਿ ਉਨ੍ਹਾਂ ਆਖਿਆ ਕਿ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਨਾ ਕਿ ਕੇਂਦਰ ਦੀ। ਪੰਜਾਬ ‘ਚ ਇਸ ਵੇਲੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਰਾਜ ‘ਚ ਬਾਹਰੋਂ ਹਥਿਆਰ ਆ ਰਹੇ ਹਨ ਅਤੇ ਹਾਲ ਹੀ ‘ਚ ਅੰਮ੍ਰਿਤਸਰ ਸਿੰਘ ਦੇ ਸਮਰਥਕਾਂ ਵੱਲੋਂ ਗੁਰੂ ਘਰ ‘ਚ ਕੀਤੀ ਗਈ ਭੰਨ੍ਹਤੋੜ ਦਾ ਮਾਮਲਾ ਵੀ ਚਿੰਤਾ ਦਾ ਵਿਸ਼ਾ ਹੈ।