ਰੁਪਏ ਮੰਗਣ ਵਾਲੀ ਇਕ ਆਡੀਓ ਰਿਕਾਰਡਿੰਗ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗ਼ਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਇਸ ਕਰਕੇ ਮੁੱਖ ਮੰਤਰੀ ਦੇ ਨਾਲ-ਨਾਲ ‘ਆਪ’ ਦੇ ਸੂਬਾ ਪ੍ਰਧਾਨ ਦੇ ਅਹੁਦੇ ਦੇ ਕਾਇਮ ਭਗਵੰਤ ਮਾਨ ਉਨ੍ਹਾਂ ਨਾਲ ਸਖ਼ਤ ਨਾਰਾਜ਼ ਦੱਸੇ ਜਾਂਦੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਗੁਜਰਾਤ ਚੋਣਾਂ ਕਰਕੇ ਇਕ ਸੁਨੇਹਾ ਵੀ ਲੋਕਾਂ ਨੂੰ ਦੇਣਾ ਚਾਹੁੰਦੀ ਹੈ ਕਿ ਉਹ ਕਿਸੇ ਕੀਮਤ ‘ਤੇ ਭ੍ਰਿਸ਼ਟਾਚਾਰ ਸਹਿਣ ਨਹੀਂ ਕਰਦੀ। ‘ਆਪ’ ਵਿਰੋਧੀ ਪਾਰਟੀ ਭਾਜਪਾ ਨੂੰ ਗੁਜਰਾਤ ‘ਚ ਨਿਸ਼ਾਨੇ ਸੇਧਣ ਦਾ ਕੋਈ ਮੌਕਾ ਨਹੀਂ ਦੇਣਾ ਚਾਹੁੰਦੀ। ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਸਰਾਰੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ ਪਰ ਮਹੀਨਾ ਬੀਤਣ ਦੇ ਬਾਵਜੂਦ ਸਰਾਰੀ ਨੇ ਪਾਰਟੀ ਨੂੰ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਸਰਾਰੀ ਖਿਲਾਫ਼ ਛੇਤੀ ਤੇ ਮਿਸਾਲੀ ਕਾਰਵਾਈ ਕਰਨ ਦੇ ਰੌਂਅ ‘ਚ ਹੈ। ਕੈਬਨਿਟ ਮੰਤਰੀ ਸਰਾਰੀ ਦਾ ਸਤੰਬਰ 2022 ਦੇ ਅਖੀਰਲੇ ਹਫ਼ਤੇ ‘ਚ ‘ਆਡੀਓ ਕਲਿੱਪ’ ਵਾਇਰਲ ਹੋਣ ਕਰਕੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਸੈਸ਼ਨ ‘ਚ ਅਤੇ ਉਸ ਤੋਂ ਬਾਅਦ ਵਿਰੋਧੀਆਂ ਵੱਲੋਂ ਘੇਰੇ ਜਾਣ ਕਰਕੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਪਾਰਟੀ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਜਿਸ ਨੂੰ ਇਕ ਮਹੀਨੇ ਦਾ ਸਮਾਂ ਹੋ ਗਿਆ ਹੈ, ਪਰ ਕੈਬਨਿਟ ਮੰਤਰੀ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਸੂਤਰਾਂ ਮੁਤਾਬਕ ਸਰਾਰੀ ਦੇ ਰਵੱਈਏ ਤੋਂ ਨਾਰਾਜ਼ ਪਾਰਟੀ ਹਾਈਕ ਮਾਂਡ ਜਲਦ ਹੀ ਸਰਾਰੀ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ‘ਆਪ’ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਅਗਲੇ ਕੁਝ ਦਿਨਾਂ ‘ਚ ਸਰਾਰੀ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਸਕਦੀ ਹੈ। ਇਸ ਨਾਲ ਪਾਰਟੀ ਦੋਵਾਂ ਰਾਜਾਂ ‘ਚ ਆਪਣੀ ਸਾਖ਼ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਇਮਾਨਦਾਰ ਦਿਖਾਉਣ ‘ਚ ਕਾਮਯਾਬ ਹੋ ਜਾਵੇਗੀ। ਹਾਲਾਂਕਿ ਇਸ ਮਾਮਲੇ ਵਿੱਚ ‘ਆਪ’ ਦਾ ਕੋਈ ਵੀ ਸਿਆਸੀ ਆਗੂ ਜਾਂ ਮੰਤਰੀ ਬੋਲਣ ਲਈ ਤਿਆਰ ਨਹੀਂ ਹੈ। ਸਾਰਿਆਂ ਦਾ ਕਹਿਣਾ ਹੈ ਕਿ ਸਰਾਰੀ ਦੇ ਮਾਮਲੇ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ‘ਤੇ ਖ਼ੁਦ ਦੇਖ ਰਹੇ ਹਨ। ਇਸ ਲਈ ਸਰਾਰੀ ਦੇ ਮਾਮਲੇ ‘ਚ ਫ਼ੈਸਲਾ ਵੀ ਮੁੱਖ ਮੰਤਰੀ ਹੀ ਲੈਣਗੇ। ਉਧਰ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਾਇਰਲ ਆਡੀਓ ਕਲਿੱਪ ਨੂੰ ਫਰਜ਼ੀ ਦੱਸ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਆਡੀਓ ਕਲਿੱਪ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਦੌਰਾਨ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨਾਲ ਰਾਬਤਾ ਨਹੀਂ ਹੋ ਸਕਿਆ।