ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਯੋਗੇਂਦਰ ਯਾਦਵ ਹੁਣ ਮੋਰਚੇ ਦਾ ਹਿੱਸਾ ਨਹੀਂ ਰਹਿਣਗੇ। ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਅਲਵਿਦਾ ਕਹਿ ਦਿੱਤਾ ਹੈ। ਮੋਰਚੇ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਆਪਣੀ ਨਿੱਜੀ ਜ਼ਿੰਦਗੀ ਦੇ ਰੁਝੇਵਿਆਂ ਕਾਰਨ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਕੀਤਾ ਹੈ। ਯੋਗੇਂਦਰ ਯਾਦਵ ਹੁਣ ਆਰਾਮ ਕਰਨ ਦੀ ਗੱਲ ਕਹਿ ਕੇ ਮੋਰਚਾ ਛੱਡ ਰਹੇ ਹਨ। ਦੱਸਦੇਈਏ ਕਿ ਯੋਗੇਂਦਰ ਯਾਦਵ ਕਿਸਾਨ ਅੰਦੋਲਨ ਦਾ ਅਹਿਮ ਹਿੱਸਾ ਰਹੇ ਹਨ। ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਰਚੇ ਨੇ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਦਿਨ ਲਖੀਮਪੁਰ ਖੀਰੀ ਕਤਲ ਦਿਵਸ ਵਜਂ ਮਨਾਇਆ ਜਾਵੇਗਾ। ਦਰਅਸਲ ਇਸੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਕਿਸਾਨਾਂ ‘ਤੇ ਕਾਰ ਚੜ੍ਹਾਉਣ ਦੀ ਘਟਨਾ ਸਾਹਮਣੇ ਆਈ ਸੀ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮੋਰਚੇ ਵੱਲੋਂ ਲਗਾਤਾਰ ਪ੍ਰੋਗਰਾਮ ਚਲਾਏ ਜਾਂਦੇ ਰਹਿਣਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੂੰ ਮੁੜ ਸੁਰਜੀਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਮੰਤਵ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਕਮੇਟੀ ਦਾ ਕੰਮ ਸੰਯੁਕਤ ਕਿਸਾਨ ਮੋਰਚਾ ਦਾ ਵਿਸਤਾਰ ਕਰਨਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਸ਼ੁਰੂ ਹੋਏ ਦੋ ਸਾਲ ਹੋ ਜਾਣਗੇ ਅਤੇ ਮੋਰਚੇ ਵੱਲੋਂ ਇਸੇ ਦਿਨ ਕੋਈ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।