ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਇਹ 5 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 6 ਤੋਂ 8 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹਰ ਸਾਲ ਵਾਂਗ ਇਸ ਸਾਲ ਵੀ ਨਗਾੜਿਆਂ ਤੇ ਜੈਕਾਰਿਆਂ ਦੀ ਗੂੰਜ ‘ਚ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ‘ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਮਗਰੋਂ ਕਿਲ੍ਹਾ ਅਨੰਦਗੜ੍ਹ ਸਾਹਿਬ ‘ਚ ਰਾਤ ਦੇ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਜੱਸ ਕੀਤਾ। ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ‘ਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਅਖੰਡ ਪਾਠ ਸਾਹਿਬ ਦੇ ਪਾਠ ਆਰੰਭਣ ਨਾਲ ਹੋਈ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਮੇਲੇ ਦੀ ਚੜ੍ਹਦੀ ਕਲਾ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਵੱਡੀ ਗਿਣਤੀ ਸੰਗਤ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਦਸਮ ਪਾਤਸ਼ਾਹ ਨੇ ਸਿੱਖਾਂ ਨੂੰ ਵੱਖਰੀ ਪਛਾਣ ਦੇਣ ਅਤੇ ਜਬਰ-ਜ਼ੁਲਮ ਖ਼ਿਲਾਫ਼ ਲੜਨ ਲਈ ਸੰਨ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਸਿੰਘਾਂ ‘ਚ ਵੀਰ ਰਸ ਭਰਨ ਕਰਨ ਲਈ ਤੇ ਜ਼ੁਲਮ ਦਾ ਨਾਸ਼ ਕਰਨ ਲਈ ਹੋਲੀ ਦੇ ਤਿਉਹਾਰ ਤੋਂ ਵੱਖਰੀ ਪਛਾਣ ਦਿੰਦਿਆਂ ਸੰਨ 1701 ‘ਚ ਹੋਲਾ ਮਹੱਲਾ ਮੇਲੇ ਦੀ ਸ਼ੁਰੂਆਤ ਕੀਤੀ। ਇਸ ਤਹਿਤ ਗੁਰੂ ਗੋਬਿੰਦ ਸਿੰਘ ਨੇ ਸਿੰਘਾਂ ਨੂੰ ਯੁੱਧ ਕਲਾ ‘ਚ ਨਿਪੁੰਨ ਕਰਨ ਲਈ ਸ਼ਸਤਰਬਾਜ਼ੀ, ਘੋੜਸਵਾਰੀ, ਨੇਜ਼ਾਬਾਜ਼ੀ ਆਦਿ ਦੇ ਮੁਕਾਬਲੇ ਸ਼ੁਰੂ ਕਰਵਾਏ। ਉਸੇ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਹਰ ਸਾਲ ਸਿੰਘ ਇਸ ਛੇ ਰੋਜ਼ਾ ਹੋਲਾ ਮਹੱਲਾ ਮਨਾਉਂਦੇ ਹਨ।