ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਹਫਤੇ ਹੀ ਨਾਰਾਜ਼ਗੀ ਜ਼ਾਹਿਰ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਹਰਕਤ ‘ਚ ਆ ਗਈ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਮੀਡੀਆ ਚੈਨਲਾਂ ਨੂੰ ਕਾਨੂੰਨੀ ਨੋਟਿਸ ਭੇਜੇ ਹਨ ਜਿਨ੍ਹਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਿਆ ਸੀ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ‘ਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪ੍ਰਧਾਨ ਧਾਮੀ ਨੇ ਦੱਸਿਆ ਕਿ 10 ਮੀਡੀਆ ਅਦਾਰਿਆਂ, ਜਿਨ੍ਹਾਂ ‘ਚ ਪੁਲੀਸ ਅਧਿਕਾਰੀ ਵੀ ਸ਼ਾਮਲ ਹੈ, ਨੂੰ ਇਹ ਨੋਟਿਸ ਭੇਜੇ ਹਨ। ਆਸਾਮ ‘ਚ ਡਿਬਰੂਗੜ੍ਹ ਵਿਖੇ ਗਏ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਦੀ ਟੀਮ ਨੇ ਕੌਮੀ ਸੁਰੱਖਿਆ ਐਕਟ ਹੇਠ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਚਾਰਾਜੋਈ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਸੁਰੱਖਿਆ ਐਕਟ ਹੇਠ ਨੌਂ ਸਿੱਖ ਨੌਜਵਾਨ ਗ੍ਰਿਫ਼ਤਾਰ ਹਨ। ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਖਾਲਸਾ ਸਾਜਨਾ ਦਿਵਸ ਮੌਕੇ ਸਮਾਪਤ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 25 ਲੱਖ ਲੋਕਾਂ ਵੱਲੋਂ ਇਸ ਸਬੰਧੀ ਫਾਰਮਾਂ ਤੇ ਦਸਤਖ਼ਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਤੋਂ ਬਾਅਦ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।