ਨਕੋਦਰ ਤੇ ਸ਼ਾਹਕੋਟ ‘ਚ ਗੈਂਗਸਟਰਾਂ ਵੱਲੋਂ ਫਿਰੌਤੀਆਂ ਵਸੂਲਣ ਦੇ ਮਾਮਲੇ ‘ਚ ਕਤਲ ਕੀਤੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ‘ਆਪ’ ਸਰਕਾਰ ਨੇ ਲੋੜੀਂਦੇ ਕਦਮ ਨਹੀਂ ਚੁੱਕੇ ਪਰ ਅਕਾਲੀ ਦਲ ਸੰਘਰਸ਼ ਵਿੱਢ ਕੇ ਇਨ੍ਹਾਂ ਪਰਿਵਾਰਾਂ ਲਈ ਨਿਆਂ ਹਾਸਲ ਕਰੇਗਾ। ਅਕਾਲੀ ਦਲ ਪ੍ਰਧਾਨ ਨੇ ਨਕੋਦਰ ‘ਚ ਵਪਾਰੀ ਭੁਪਿੰਦਰ ਸਿੰਘ ਚਾਵਲਾ ਅਤੇ ਸ਼ਾਹਕੋਟ ਨੇੜੇ ਪੁਲੀਸ ਮੁਲਾਜ਼ਮ ਮਨਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਨ੍ਹਾਂ ਦੋਵਾਂ ਦੀ ਫਿਰੌਤੀਆਂ ਵਸੂਲਣ ਵਾਲਿਆਂ ਨੇ ਹੱਤਿਆ ਕਰ ਦਿੱਤੀ ਸੀ। ਭੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਆਖਿਆ ਕਿ ਉਹ ਸੋਚ ਰਹੇ ਹਨ ਕਿ ਪੰਜਾਬ ਛੱਡ ਦੇਣ ਕਿਉਂਕਿ ਸੂਬਾ ਹੁਣ ਸੁਰੱਖਿਅਤ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲੀਸ ਵਿਭਾਗ ਨੂੰ ਫਿਰੌਤੀ ਲਈ ਆ ਰਹੇ ਫੋਨਾਂ ਬਾਰੇ ਦੱਸਿਆ ਸੀ ਪਰ ਪੁਲੀਸ ਇਸ ਮਾਮਲੇ ‘ਚ ਸ਼ਾਮਲ ਗੈਂਗਸਟਰਾਂ ਦੀ ਸ਼ਨਾਖ਼ਤ ਨਹੀਂ ਕਰ ਸਕੀ। ਸੁਖਬੀਰ ਬਾਦਲ ਨੇ ਦੋਵਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਮਾਮਲੇ ਚੁੱਕੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬੇ ਭਰ ‘ਚ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਇਸ ਕਰਕੇ ਹੋ ਗਏ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਵਜ਼ਾਰਤ ਪੰਜਾਬ ਦਾ ਫਿਕਰ ਛੱਡ ਕੇ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ‘ਚ ਚੋਣ ਪ੍ਰਚਾਰ ‘ਚ ਰੁਝੀ ਰਹੀ ਸੀ। ਉਨ੍ਹਾਂ ਮੰਗ ਕੀਤੀ ਕਿ ਭੁਪਿੰਦਰ ਸਿੰਘ ਚਾਵਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸੁਖਬੀਰ ਸਿੰਘ ਬਾਦਲ ਨੇ ਦੇਰ ਰਾਤ ਜਲੰਧਰ ਦੇ ਲਤੀਫਪੁਰਾ ‘ਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ। ਉਨ੍ਹਾਂ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ‘ਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ।