ਅਦਾਲਤ ਵੱਲੋਂ ਗੈਰਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਦੇ ਡਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੌਰੀ ਅਦਾਲਤ ‘ਚ ਪੇਸ਼ ਹੋਏ। ਬਿਆਸ ਦਰਿਆ ‘ਚ ਗੈਰਕਾਨੂੰਨੀ ਖਣਨ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਦਾਲਤ ‘ਚ ਪੇਸ਼ੀ ਭੁਗਤੀ। ਬਿਆਸ ਦਰਿਆ ‘ਚ ਖਣਨ ਕਰਨ ਵਾਲੀ ਇਕ ਨਿੱਜੀ ਕੰਪਨੀ ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਥਾਣਾ ਬਿਆਸ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ‘ਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸੁਖਬੀਰ ਨੇ ਇਥੇ ਆ ਕੇ ਕੰਪਨੀ ਦੇ ਕਰਮਚਾਰੀਆਂ ਨੂੰ ਡਰਾਇਆ ਧਮਕਾਇਆ ਤੇ ਕਰੋਨਾ ਨਿਯਮਾਂ ਦੀ ਅਣਦੇਖੀ ਵੀ ਕੀਤੀ। ਇਸ ਸਬੰਧੀ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਇਕ ਕੇਸ ਮਹਾਮਾਰੀ ਐਕਟ ਤਹਿਤ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ ‘ਚ ਅਦਾਲਤ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਜਿਸ ਦੇ ਚੱਲਦਿਆਂ ਉਹ ਅਦਾਲਤ ‘ਚ ਪੇਸ਼ ਹੋਏ ਅਤੇ ਜ਼ਮਾਨਤ ਪ੍ਰਾਪਤ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ। ਅਦਾਲਤ ਵਿੱਚੋਂ ਬਾਹਰ ਆਉਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਇਹ ਕੇਸ ਸਿਆਸੀ ਮੁਫ਼ਾਦਾਂ ਨਾਲ ਪ੍ਰੇਰਿਤ ਹੈ ਜਿਸ ਨੂੰ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਕੇਸ ਨੂੰ ਅਗਾਂਹ ਵਧਾਇਆ ਜਾ ਰਿਹਾ ਹੈ।