ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾਪੂਰਨ ਢੰਗ ਨਾਲ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਪੁਰਾਣੀ ਚੱਲੀ ਆ ਰਹੀ ਰਵਾਇਤ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ। ਇਸ ਮੌਕੇ ਪਾਵਨ ਸਰੂਪ ਨੂੰ ਸੁਨਿਹਰੀ ਪਾਲਕੀ ‘ਚ ਸੁਸ਼ੋਭਿਤ ਕਰ ਕੇ ਸੰਗਤੀ ਜਥਿਆਂ ਵੱਲੋਂ ਸ਼ਬਦ ਗਾਇਨ ਕਰਦਿਆਂ ਅਤੇ ਜੈਕਾਰਿਆਂ ਦੀ ਗੁੰਜ ‘ਚ ਸ੍ਰੀ ਦਰਬਾਰ ਸਾਹਿਬ ਲਿਆਉਂਦਾ ਗਿਆ। ਇਸ ਸਬੰਧ ‘ਚ ਗੁਰਦੁਆਰਾ ਰਾਮਸਰ, ਜਿੱਥੇ ਗੁਰੂ ਅਰਜਨ ਦੇਵ ਨੇ ਪਾਵਨ ਸਰੂਪ ਦੀ ਸੰਪਾਦਨਾ ਕੀਤੀ ਸੀ, ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੱਡੀ ਗਿਣਤੀ ‘ਚ ਜੁੜੀ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਨੇ 1604 ‘ਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕੀਤਾ ਸੀ। ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਦੀ ਮਰਯਾਦਾ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਪਹਿਲੇ ਪ੍ਰਕਾਸ਼ ਮੌਕੇ ਗੁਰੂ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਪਾਵਨ ਸਰੂਪ ਨੂੰ ਸ੍ਰੀ ਦਰਬਾਰ ਸਾਹਿਬ ਲਿਆਏ ਸਨ ਤੇ ਗੁਰੂ ਕਾਲ ਤੋਂ ਅੱਜ ਤੱਕ ਇਸੇ ਪ੍ਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।