ਮਨੀ ਲਾਂਡਰਿੰਗ ਮਾਮਲੇ ’ਚ ਫਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਭੁਪਿੰਦਰ ਸਿੰਘ ਹਨੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਭੁਪਿੰਦਰ ਸਿੰਘ ਹਨੀ ਵੱਲੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ’ਤੇ ਹਾਈ ਕੋਰਟ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਭੁਪਿੰਦਰ ਸਿੰਘ ਹਨੀ ਨੂੰ ਜ਼ਮਾਨਤ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਗੈਰਕਾਨੂੰਨੀ ਮਾਈਨਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ। ਈ.ਡੀ. ਦੇ ਛਾਪੇ ਸਮੇਂ ਹਨੀ ਦੇ ਟਿਕਾਣਿਆਂ ਤੋਂ ਕਰੋਡ਼ਾਂ ਰੁਪਏ ਦੀ ਬਰਾਮਦਗੀ ਹੋਈ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਨੂੰ ਇਸ ਕਾਰਨ ਨਮੋਸ਼ੀ ਝੱਲਣੀ ਪਈ ਸੀ ਕਿਉਂਕਿ ਚੰਨੀ ਉਸ ਵੇਲੇ ਮੁੱਖ ਮੰਤਰੀ ਸਨ। ਬਾਅਦ ’ਚ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਆਪਣੇ ਰਵਾਇਤੀ ਹਲਕੇ ਚਮਕੌਰ ਸਾਹਿਬ ਤੋਂ ਇਲਾਵਾ ਭਦੌਡ਼ ਤੋਂ ਵੀ ਚੋਣ ਲਡ਼ੇ ਪਰ ਉਹ ਦੋਵੇਂ ਥਾਵਾਂ ਤੋਂ ਚੋਣ ਹਾਰ ਗਏ ਸਨ।