ਕਾਂਗਰਸ ਸਰਕਾਰ ਵੇਲੇ ਚਰਚਾ ‘ਚ ਆਏ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਪੂਰਨ ਤੌਰ ‘ਤੇ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਘਪਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ‘ਤੇ ਸਮਰੱਥ ਹਨ, ਇਸ ਲਈ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਕੇਂਦਰੀ ਏਜੰਸੀ ਦੇ ਹੱਥ ‘ਚ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਮਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਲਝਾਇਆ ਜਾਵੇਗਾ। ਲਾਅ ਅਫਸਰਾਂ ਦੀ ਨਿਯੁਕਤੀ ਦੇ ਮਾਮਲੇ ‘ਤੇ ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਅਸਾਮੀਆਂ ‘ਤੇ ਕਿਸੇ ਵੀ ਹੋਰ ਸੂਬੇ ਵਿੱਚ ਰਾਖਵਾਂਕਰਨ ਨਹੀਂ ਹੈ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਛੇਤੀ ਹੀ ਭਾਈਚਾਰੇ ਨੂੰ ਚੰਗੀ ਖ਼ਬਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੁਧਿਆਣਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਸੂਬੇ ‘ਚੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਭਵਿੱਖ ‘ਚ ਸਾਰੀਆਂ ਭਰਤੀਆਂ ਰੈਗੂਲਰ ਆਧਾਰ ‘ਤੇ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕਾਂ ਤੋਂ ਵਾਪਸ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ‘ਚੋਂ 33 ਫ਼ੀਸਦੀ ਜ਼ਮੀਨ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਅਤਿ-ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ।