ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਟੋਰਾਂਟੋ ਡਾਊਨ ਟਾਊਨ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੀ.ਐੱਨ.ਈ. ਗਰਾਊਂਡ ਨੇ ਬੈਟਰ ਲਿਵਿੰਗ ਗਰਾਊਂਡ ਤੋਂ ਇਹ ਨਗਰ ਕੀਰਤਨ ਸ਼ੁਰੂ ਹੋ ਕੇ ਨਾਥਨ ਫਿਲਿਪਸ ਸਕੇਅਰ ਵਿਖੇ ਜਾ ਕੇ ਸਮਾਪਤ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਫੁੱਲਾਂ ਆਦਿ ਨਾਲ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਲ ਹੋਈਆਂ। ਕਿਣ-ਮਿਣ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ‘ਚ ਕੋਈ ਕਮੀ ਨਜ਼ਰ ਨਹੀਂ ਆਈ ਅਤੇ ਲੋਕ ਹਜ਼ਾਰਾਂ ਦੀ ਗਿਣਤੀ ‘ਚ ਨਗਰ ਕੀਰਤਨ ‘ਚ ਸ਼ਾਮਲ ਸਨ। ਗੁਰੂ ਗ੍ਰੰਥ ਸਾਹਿਬ ਵਾਲੀ ਪਾਲਕੀ ਦੇ ਨਾਲ ਸਿੱਖ ਸੰਗਤਾਂ ਵਾਹਿਗੁਰੂ ਦਾ ਜਾਪ ਅਤੇ ਪਾਠ ਕਰਦੀਆਂ ਚੱਲ ਰਹੀਆਂ ਸਨ। ਪੁਲੀਸ ਨੇ ਆਵਾਜਾਈ ਸਮੇਤ ਹੋਰ ਲੋੜੀਂਦੇ ਢੁੱਕਵੇਂ ਪ੍ਰਬੰਧ ਕੀਤੇ ਹੋਏ ਸਨ। ਸਿੱਖ ਸੰਗਤ ਲਈ ਕਈ ਥਾਈਂ ਤਰ੍ਹਾਂ ਤਰ੍ਹਾਂ ਦੇ ਪਕਵਾਨ ਦੇ ਲੰਗਰ ਵੀ ਲੱਗੇ ਹੋਏ ਸਨ। ਵੱਖ-ਵੱਖ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਵੀ ਨਗਰ ਕੀਰਤਨ ‘ਚ ਸ਼ਾਮਲ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ ਅਤੇ ਸਿੱਖ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਨੂੰ ਵਧਾਈ ਦਿੱਤੀ।