ਸੈਂਟਰਲ ਜੇਲ੍ਹ ਪਟਿਆਲਾ ‘ਚ 1988 ਦੇ ਰੋਡਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ‘ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਤੋਂ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਫਿਲਹਾਲ ਇਸ ਬਾਰੇ ਕੋਈ ਨਾ ਤਾਂ ਲਿਖਤੀ ਹੁਕਮ ਸਾਹਮਣੇ ਆਇਆ ਹੈ ਤੇ ਨਾ ਹੀ ਕੋਈ ਅਧਿਕਾਰਤ ਬਿਆਨ ਆਇਆ ਹੈ ਪਰ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ‘ਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਲੰਘੀ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ‘ਚ ਸਿੱਧੂ ਦਾ ਨਾਂ ਹੋਣ ਦੇ ਚਰਚਿਆਂ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਸੁਰਖੀਆਂ ‘ਚ ਸਨ। ਕਿਹਾ ਜਾ ਰਿਹਾ ਸੀ ਕਿ ਗਣਤੰਤਰ ਦਿਵਸ ਨੂੰ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ‘ਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਇਸ ਵਾਰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ ‘ਤੇ ਟਿਕੀਆਂ ਸਨ ਪਰ ਇਸ ਮੀਟਿੰਗ ‘ਚ ਵੀ ਕੈਦੀਆਂ ਦੀ ਰਿਹਾਈ ਬਾਰੇ ਕੋਈ ਫ਼ੈਸਲਾ ਨਹੀਂ ਆਇਆ।