ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਚੰਡੀਗਡ਼੍ਹ ਵਿਖੇ ਮੀਟਿੰਗ ਕਰਕੇ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕੀਤੀ, ਉਥੇ ਹੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਦੇ ਹੁਕਮ ਦਿੱਤੇ। ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲੀਸ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਗੌਰਵ ਯਾਦਵ ਨੇ ਸਾਰੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ ਅਤੇ ਸਾਰੀਆਂ ਰੇਂਜਾਂ ਦੇ ਆਈ.ਜੀ.ਪੀ. ਅਤੇ ਐੱਸ.ਐੱਸ.ਪੀਜ਼ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖ਼ਤ ਕਰ ਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ’ਤੇ ਸਖ਼ਤੀ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲੀਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਣੇ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਦੇ ਨਾਲ-ਨਾਲ ਗੈਂਗਸਟਰਾਂ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲੀਸ ਨਾਲ ਮਿਲ ਕੇ ਕੰਮ ਕਰਨ ਲਈ ਆਦੇਸ਼ ਦਿੱਤੇ। ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਐੱਸ.ਐੱਸ.ਪੀ. ਨੂੰ ਹਰ ਮਾਮਲੇ ਖ਼ਾਸ ਤੌਰ ’ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਕੇਸਾਂ ’ਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਪਾਰਕ ਬਰਾਮਦਗੀ ’ਤੇ ਧਿਆਨ ਕੇਂਦਰਿਤ ਅਤੇ ਐੱਨ.ਡੀ.ਪੀ.ਐੱਸ. ਕੇਸਾਂ ’ਚ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਦੇ ਨਾਲ ਹੀ ਐੱਨ.ਡੀ.ਪੀ.ਐੱਸ. ਕੇਸਾਂ ਦੇ ਸਾਰੇ ਭਗੌਡ਼ੇ ਅਪਰਾਧੀਆਂ ਅਤੇ ਜ਼ਮਾਨਤ ’ਤੇ ਭੱਜਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਤਰਜੀਹ ਦੇ ਆਦੇਸ਼ ਦਿੱਤੇ।