ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ‘ਚ ਸੁਨੀਲ ਜਾਖੜ, ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਮੀਤ ਸਿੰਘ ਸੋਢੀ ਸਣੇ ਵੱਡੀ ਗਿਣਤੀ ‘ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸ਼ਾਮਲ ਹੋਏ। ਇਸ ਸਮੇਂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਪਾਣੀ ਦੀਆਂ ਬੁਛਾੜਾਂ ਦਾ ਵੀ ਸਾਹਮਣਾ ਕਰਨਾ ਪਿਆ। ਭਾਜਪਾ ਆਗੂਆਂ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਦੇ ਸੈਕਟਰ-37 ‘ਚ ਸਥਿਤ ਪਾਰਟੀ ਦਫ਼ਤਰ ਤੋਂ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਕੂਚ ਕੀਤਾ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਪੰਜਾਬ ਭਾਜਪਾ ਦਫ਼ਤਰ ਤੋਂ ਕੁਝ ਦੂਰੀ ‘ਤੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ। ਭਾਜਪਾ ਆਗੂਆਂ ਤੇ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਦਰਜਨਾਂ ਭਾਜਪਾ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਉਣ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਹਰ ਪਾਸੇ ਗੈਂਗਸਟਰਾਂ ਦਾ ਬੋਲਬਾਲਾ ਹੈ। ਅਜਿਹੇ ਹਾਲਾਤ ‘ਚ ਪੰਜਾਬ ‘ਚ ਹਰ ਵਰਗ ਦੇ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਅਜਨਾਲਾ ਘਟਨਾ ਤੋਂ 15 ਦਿਨ ਬਾਅਦ ਵੀ ਪੁਲੀਸ ਨੇ ਕਿਸੇ ਖ਼ਿਲਾਫ਼ ਕੇਸ ਦਰਜ ਕਰਕੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜੰਗਲ ਰਾਜ ਚੱਲ ਰਿਹਾ ਹੈ ਤੇ ਸਾਰੇ ਅਪਰਾਧੀ ਬਿਨਾਂ ਕਿਸੇ ਡਰ ਤੋਂ ਘੁੰਮ ਰਹੇ ਹਨ।