ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਵਿਹਲੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਾਢੇ ਅੱਠ ਮਹੀਨੇ ਪੁਰਾਣੇ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ ਵਿੱਢ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਇਹ ਫੇਰਬਦਲ ਹੋਣ ਜਾ ਰਿਹਾ ਹੈ। ਇਸ ‘ਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਣੇ ਕੁਝ ਹੋਰ ਵਜ਼ੀਰਾਂ ਦੀ ਛੁੱਟੀ ਦੇ ਆਸਾਰ ਹਨ। ਮੰਤਰੀ ਮੰਡਲ ‘ਚ ਇਹ ਬਦਲਾਅ ਦਸੰਬਰ ਦੇ ਅਖੀਰ ਤੱਕ ਹੋ ਸਕਦਾ ਹੈ। ਇਹ ਖੁਲਾਸਾ ਭਰੋਸੇਯੋਗ ਸੂਤਰਾਂ ਨੇ ਕੀਤਾ ਹੈ। ਸੂਤਰਾਂ ਮੁਤਾਬਕ ‘ਆਪ’ ਦੀ ਹਾਈ ਕਮਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਲਈ ਆਪਣੇ ਸਹਾਲਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ‘ਚ ਸੂਬੇ ਦੇ ਵੱਡੇ ਥੰਮ੍ਹ ਡੇਗਣ ਵਾਲੇ ਜਾਂ ਗੁਜਰਾਤ ਚੋਣਾਂ ‘ਚ ਪਾਰਟੀ ਲਈ ਵਧੀਆ ਕੰਮ ਕਰਨ ਵਾਲੇ ਵਿਧਾਇਕਾਂ ਨੂੰ ਕੈਬਨਿਟ ‘ਚ ਥਾਂ ਮਿਲ ਸਕਦੀ ਹੈ। ਗੌਰਤਲਬ ਹੈ ਕਿ ਪੰਜਾਬ ‘ਚ ਗੁਰਮੀਤ ਸਿੰਘ ਖੁੱਡੀਆਂ ਨੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ। ਇਸੇ ਤਰ੍ਹਾਂ ਅਜੀਤਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦਕਿ ਲਾਭ ਸਿੰਘ ਉਗੋਕੇ ਅਤੇ ਡਾ. ਚਰਨਜੀਤ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕ੍ਰਮਵਾਰ ਭਦੌੜ ਅਤੇ ਚਮਕੌਰ ਸਾਹਿਬ ਹਲਕਿਆਂ ਤੋਂ ਹਰਾਇਆ ਸੀ। ਇਨ੍ਹਾਂ ਤੋਂ ਇਲਾਵਾ ਡਾ. ਜੀਵਨਜੋਤ ਕੌਰ ਨੇ ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ, ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ। ਦੂਜੇ ਪਾਸੇ ਪੰਜਾਬ ਦੇ ਸਾਰੇ ਵਿਧਾਇਕਾਂ ਦੀ ਡਿਊਟੀਆਂ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਬਤੌਰ ਹਲਕਾ ਇੰਚਾਰਜ ਲੱਗੀਆਂ ਸਨ ਜਿਨ੍ਹਾਂ ਨੇ ਪਾਰਟੀ ਲਈ ਉਥੇ ਪ੍ਰਚਾਰ ਕੀਤਾ। ‘ਆਪ’ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਤਤਕਾਲੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਈ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਵਿਰੋਧੀ ਧਿਰ ਵੱਲੋਂ ਸਰਾਰੀ ਦੀ ਨਿਯੁਕਤੀ ਬਾਰੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸੇ ਕਰਕੇ ‘ਆਪ’ ਨੇ ਕੈਬਨਿਟ ਮੰਤਰੀ ਸਰਾਰੀ ਨੂੰ ਸਤੰਬਰ ਮਹੀਨੇ ਦੇ ਅਖੀਰ ‘ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਹਾਲੇ ਤੱਕ ਉਸ ਦਾ ਕੋਈ ਜਵਾਬ ਨਹੀਂ ਦਿੱਤਾ। ਕੈਬਨਿਟ ਮੰਤਰੀ ਦੇ ਅਜਿਹੇ ਰਵੱਈਏ ਨੂੰ ਵੇਖਦਿਆਂ ਪਾਰਟੀ ਜਲਦ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਅਤੇ ਫੇਰਬਦਲ ਲਈ ਪਿਛਲੇ ਸਮੇਂ ਤੋਂ ਵਿਚਾਰ ਕੀਤੀ ਜਾ ਰਹੀ ਹੈ ਜੋ ਕਿ ਗੁਜਰਾਤ ਤੇ ਹਿਮਾਚਲ ਚੋਣਾਂ ‘ਚ ਰੁੱਝੇ ਹੋਣ ਕਰਕੇ ਕੋਈ ਫ਼ੈਸਲਾ ਨਹੀਂ ਸੀ ਲੈ ਸਕੀ। ਇਸ ਫੇਰਬਦਲ ਦੀ ਖ਼ਬਰ ਆਉਣ ‘ਤੇ ਮੰਤਰੀ ਬਣਨ ਦੇ ਚਾਹਵਾਨ ‘ਆਪ’ ਵਿਧਾਇਕ ਵੀ ਸਰਗਰਮ ਹੋ ਗਏ ਹਨ।