ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਖ਼ਰੀ ਚਲਾਨ ਪੇਸ਼ ਨਹੀਂ ਕਰ ਰਹੀ ਜਿਸ ਕਰਕੇ ਲੰਬੇ ਸਮੇਂ ਤੋਂ ਸੁਣਵਾਈ ਲਟਕ ਰਹੀ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ‘ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਪਰ ਬਹਿਬਲ ਕਲਾਂ ਗੋਲੀ ਕਾਂਡ ‘ਚ ਅੰਤਿਮ ਚਲਾਨ ਨਹੀਂ ਆਇਆ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਇਕੱਠਿਆਂ ਤੇ ਇਕੋ ਜੱਜ ਵੱਲੋਂ ਕੀਤੀ ਜਾਣੀ ਹੈ ਇਸ ਲਈ ਚਲਾਨ ਬਿਨਾਂ ਸੁਣਵਾਈ ਨਹੀਂ ਹੋਵੇਗੀ। ਸੁਖਰਾਜ ਸਿੰਘ ਨੇ ਕਿਹਾ ਕਿ ਉਹ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਦਅਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਜਾ ਦਿਵਾਉਣ ਲਈ ਇੱਕ ਸਾਲ ਤੋਂ ਧਰਨੇ ‘ਤੇ ਬੈਠੇ ਹੋਏ ਹਨ। ਇਸ ਦੇ ਬਾਵਜੂਦ ਸਰਕਾਰ ਪੜਤਾਲ ‘ਚ ਸਰਗਰਮੀ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਚਲਾਨ ਪੇਸ਼ ਕਰਨ ਦੀ ਪ੍ਰਕਿਰਿਆ ਤੇਜ਼ ਨਾ ਕੀਤੀ ਤਾਂ ਉਨ੍ਹਾਂ ਨੂੰ ਮਜਬੂਰਨ ਤਿੱਖਾ ਸੰਘਰਸ਼ ਵਿਢਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਸ ਲਟਕਣ ਕਾਰਨ ਹੁਣ ਤੱਕ ਬਹਿਬਲ ਗੋਲੀ ਕਾਂਡ ਦੇ ਦੋ ਗਵਾਹਾਂ ਦੀ ਮੌਤ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ‘ਚ ਰਾਜਨੀਤੀ ਨਹੀਂ ਕਰਨ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ‘ਚ ਤਿੰਨ ਸਾਲ ਪਹਿਲਾਂ ਸੱਤ ਦੋਸ਼ੀਆਂ ਖ਼ਿਲਾਫ਼ ਚਲਾਨ ਪੇਸ਼ ਹੋ ਗਿਆ ਸੀ। ਜਾਂਚ ਟੀਮ ਇਸ ਕੇਸ ਵਿੱਚ ਇਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਚਾਹੁੰਦੀ ਹੈ। ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ‘ਚ ਕੀਤੀ ਜਾ ਰਹੀ ਹੈ। ਇਹ ਜਾਂਚ ਟੀਮ ਦੋ ਸਾਲ ਬਾਅਦ ਵੀ ਸਪਲੀਮੈਂਟਰੀ ਚਲਾਨ ਅਦਾਲਤ ‘ਚ ਪੇਸ਼ ਨਹੀਂ ਕਰ ਸਕੀ।