ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ 85 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਹਸਪਤਾਲ ‘ਚ ਆਖ਼ਰੀ ਸਾਹ ਲਏ। ਬੁੱਧਵਾਰ ਦੁਪਹਿਰ ਦੋ ਵਜੇ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ‘ਚ ਅੰਤਿਮ ਸਸਕਾਰ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸਾਂਝੀ ਕੀਤੀ। ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਕਰੀਬ ਤਿੰਨ ਮਹੀਨੇ ਤੋਂ ਬਿਮਾਰ ਚੱਲੇ ਆ ਰਹੇ ਸਨ। ਅਕਾਲੀ-ਭਾਜਪਾ ਗੱਠਜੋੜ ਸਰਕਾਰ ‘ਚ ਉਹ ਦੋ ਵਾਰ ਮੰਤਰੀ ਰਹੇ। ਰਣਜੀਤ ਸਿੰਘ ਬ੍ਰਹਮਪੁਰਾ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਤੋਂ ਬਾਗੀ ਹੋ ਕੇ ਆਪਣਾ ਅਕਾਲੀ ਦਲ ਬਣਾ ਲਿਆ ਸੀ, ਜਦੋਂਕਿ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨਾਲ ਮੁੜ ਸਮਝੌਤਾ ਕਰ ਲਿਆ ਸੀ। ਪੀ.ਜੀ.ਆਈ. ‘ਚ ਦਾਖ਼ਲ ਸਾਬਕਾ ਸੰਸਦ ਮੈਂਬਰ ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ। ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਬੁੱਧਵਾਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਉਹ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਰਹੇ ਸਨ। ਸਾਲ 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ ਸਨ।