ਪਿਛਲੀ ਸਰਕਾਰ ਵੇਲੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਸਿੱਖ ਨੀਤੀ ਮਾਰਚ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੁੱਜਿਆ। ਇਨਸਾਫ਼ ਲੈਣ ਲਈ ਸਿੱਖ ਸੰਗਤ ਵੱਲੋਂ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਲਾਪਤਾ ਹੋਣ ਦੇ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਸਿੱਖ ਸੰਗਤ ਭਗਵੰਤ ਮਾਨ ਦੇ ਘਰ ਅੱਗੇ ਪੁੱਜੀ ਹੈ। ਸਿੱਖ ਸੰਗਤ ਪਿਛਲੇ 22 ਮਹੀਨਿਆਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰਕੇ ਇਨਸਾਫ਼ ਮੰਗ ਰਹੀ ਹੈ। ਸਿੱਖ ਸਦਭਾਵਨਾ ਦਲ ਦੇ ਵਫ਼ਦ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਤੇ ਆਪਣਾ ਮੰਗ ਪੱਤਰ ਵੀ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਿਰਫ ਮੰਗ ਪੱਤਰ ਦੇਣ ਲਈ ਨਹੀਂ ਪੁੱਜੇ ਸਗੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਆਏ ਹਨ। ਭਾਈ ਵਡਾਲਾ ਨੇ ਐਲਾਨ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰੋਜ਼ਾਨਾ ਸਵੇਰੇ ਜਪੁਜੀ ਸਾਹਿਬ ਦੇ ਪਾਠ ਅਤੇ ਕੀਰਤਨ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਰਹਿਰਾਸ ਦਾ ਪਾਠ ਹੋਵੇਗਾ।