ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ ਜੋ 8 ਮਾਰਚ ਤੱਕ ਜਾਰੀ ਰਹੇਗਾ। ਹੋਲੇ ਮਹੱਲੇ ਦੇ ਆਰੰਭ ਹੋਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਹੋਲੇ-ਮੁਹੱਲੇ ਮੌਕੇ ਉਨ੍ਹਾਂ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਲਵਾਈ ਗਈ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਮੁੱਖ ਮੰਤਰੀ ਨੇ ਸੂਬੇ ‘ਚ ਅਮਨ-ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ‘ਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ‘ਚ ਦੇਸ਼ ਦੀ ਅਗਵਾਈ ਕਰੇ।ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖ਼ਾਸ ਤੌਰ ‘ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ‘ਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ‘ਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਵਨ ਅਸਥਾਨ ਖ਼ਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ‘ਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ‘ਤੇ ਇਸ ਪਵਿੱਤਰ ਧਰਤੀ ‘ਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ‘ਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।