ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ‘ਚ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਵਿਰੋਧੀ ਸਦਨ ‘ਚ ਹੰਗਾਮਾ ਕਰਨ ਨੂੰ ਮਾਣ ਵਾਲੀ ਗੱਲ ਸਮਝਦੇ ਹਨ ਅਤੇ ਇਹ ਇਕ ਰਿਵਾਜ਼ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਤੰਤਰ ਨਹੀਂ ਚੱਲ ਸਕਦਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ‘ਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਦਨ ਨੂੰ ਮੰਤਰੀ ਮੰਡਲ ‘ਤੇ ਭਰੋਸਾ ਹੈ। ਹਰਪਾਲ ਚੀਮਾ ਨੇ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਇਸ ਨੂੰ ਪਾਸ ਕਰਨ ਦੀ ਸਿਫਾਰਸ਼ ਕੀਤੀ। ਇਸ ਤੋਂ ਪਹਿਲਾਂ ਸਪੀਕਰ ਨੇ ਮੁੜ ਸਦਨ ਨੂੰ 15 ਮਿੰਟ ਲਈ ਮੁਲਤਵੀ ਕਰ ਦਿੱਤਾ ਅਤੇ ਸਟਾਫ ਨੂੰ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ। ਜਦੋਂ ਮਾਰਸ਼ਲਾਂ ਨੇ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਤਰਾਜ਼ ਜਤਾਇਆ। ਅੰਤ ‘ਚ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਗਿਆ। ਸਪੀਕਰ ਵੱਲੋਂ ਸੈਸ਼ਨ ਮੁਲਤਵੀ ਕੀਤੇ ਜਾਣ ਅਤੇ ਵਿਧਾਨ ਸਭਾ ਸਟਾਫ਼ ਦੇ ਕਹਿਣ ‘ਤੇ ਕਾਂਗਰਸੀ ਵਿਧਾਇਕ ਸਦਨ ਵਿੱਚੋਂ ਚਲੇ ਗਏ ਤਾਂ ਮਾਲੇਰਕੋਟਲਾ ਦੇ ‘ਆਪ’ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ, ‘ਹਮ ਤੋ ਵੋਹ ਸ਼ਾਇਰ ਹੈਂ ਜੋ ਵਕਤ ਪੜੇ ਤੋ ਤਲਵਾਰ ਭੀ ਉਠਾ ਲੇਤੇ ਹੈਂ।’ ਸਵੇਰ ਵੇਲੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਇਆ। ਸਦਨ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਮਾਨ ਨੇ ਭਰੋਸਗੀ ਮਤੇ ਬਾਰੇ ਬੋਲਦਿਆਂ ਕਿਹਾ ਕਿ ਲੋਕਾਂ ਨੇ ਸਾਡੇ ‘ਤੇ ਭਰੋਸਾ ਕੀਤਾ ਹੈ ਅਤੇ ਉਸ ਨੂੰ ਅਸੀਂ ਕਾਨੂੰਨੀ ਤੌਰ ‘ਤੇ ਵੀ ਦੱਸਣਾ ਚਾਹੁੰਦੇ ਹਨ ਪਰ ਵਿਰੋਧੀ ਸਾਨੂੰ ਦੱਸਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਹ ਭਰੋਸਗੀ ਮਤਾ ਤਾਂ ਆਇਆ ਹੈ ਕਿਉਂਕਿ ਪੰਜਾਬੀਆਂ ਨੂੰ ਸਾਡੇ ‘ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਸੀ ਕਿ ਕਾਂਗਰਸੀ ਸਾਡਾ ਸਾਥ ਦੇਣਗੇ ਪਰ ਉਲਟਾ ਹੋ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ‘ਆਪਰੇਸ਼ਨ ਲੋਟਸ’ ਦਾ ਪੰਜਾਬ ‘ਚ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸ ਵੀ ਭਾਜਪਾ ਨਾਲ ਰਲੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਦਿਨ ‘ਆਪਰੇਸ਼ਨ ਲੋਟਸ’ ਖ਼ਿਲਾਫ਼ ਅਸੀਂ ਅਰਜ਼ੀ ਲਿਖੀ, ਉਸੇ ਦਿਨ ਗੋਆ ਤੋਂ ਕਾਂਗਰਸ ਦੇ 8 ਵਿਧਾਇਕਾਂ ਨੂੰ ਭਾਜਪਾ ਨੇ ਪੱਟ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ‘ਚ ਇਸ ਸੈਸ਼ਨ ਨੂੰ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਭਾਜਪਾ ‘ਤੇ ਰਗੜੇ ਲਾਉਂਦਿਆਂ ਕਿਹਾ ਕਿ ਭਾਜਪਾ ਵਾਲੇ ਵਕਤ ਨਾਲ ਖੇਡਣ ਲੱਗ ਪਏ ਹਨ ਅਤੇ ਇਨ੍ਹਾਂ ‘ਚ ਹੰਕਾਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗਲਤ-ਫ਼ਹਿਮੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪੰਜਾਬ ‘ਚ ਸਾਡੇ ਵਿਧਾਇਕਾਂ ਨੂੰ ਫੋਨ ਕਰਕੇ ਕੀਮਤ ਪੁੱਛ ਰਹੇ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਨੁਮਾਇੰਦੇ ਆਮ ਘਰਾਂ ‘ਚੋਂ ਉੱਠ ਕੇ ਆਏ ਹਨ ਅਤੇ ਮੰਡੀ ‘ਚੋਂ ਉੱਠ ਕੇ ਨਹੀਂ ਆਏ, ਜਿਨ੍ਹਾਂ ਨੂੰ ਕੋਈ ਖ਼ਰੀਦ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਣੇ ਸ਼ੁਰੂ ਹੋ ਗਏ ਹਨ, ਮੁਹੱਲਾ ਕਲੀਨਿਕ ਖੁੱਲ੍ਹਣ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਦਿੱਕਤ ਇਨ੍ਹਾਂ ਨੂੰ ‘ਇਕ ਵਿਧਾਇਕ, ਇਕ ਪੈਨਸ਼ਨ’ ਦੀ ਹੈ ਅਤੇ ਇਹ ਕਿਸੇ ਵੀ ਹਾਲਤ ‘ਚ ਲੋਕਾਂ ਦਾ ਪੈਸਾ ਨਹੀਂ ਛੱਡਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਲਈ ਭਰੋਸਗੀ ਮਤਾ ਲੈ ਕੇ ਆਏ ਹਾਂ ਕਿਉਂਕਿ ਲੋਕਾਂ ਦਾ ਭਰੋਸਾ ਸਾਡੇ ‘ਤੇ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹੁਣ ਨਵੀਂ ਹਵਾ ਵੱਲ ਵੱਧ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਖੇਤਰ ‘ਚ ਸਿਖ਼ਰਾਂ ‘ਤੇ ਜਾਣਾ ਸੌਖਾ ਹੈ ਪਰ ਉਥੇ ਰਹਿਣਾ ਬੇਹੱਦ ਔਖਾ ਹੈ। ਅਖ਼ੀਰ ‘ਚ ਸਦਨ ਦੇ ਮੈਂਬਰਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵੀ ਸਦਨ ਅੰਦਰ ਬਿਠਾਉਣ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ‘ਆਪਰੇਸ਼ਨ ਲੋਟਸ’ ਉੱਤੇ ਬਹਿਸ ਵਿਰੋਧੀ ਧਿਰ ਦੇ ਸਾਹਮਣੇ ਹੋਣੀ ਚਾਹੀਦੀ ਹੈ ਜਿਸ ਤੋਂ ਬਾਅਦ ਸਪੀਕਰ ਵੱਲੋਂ ਸਦਨ ਨੂੰ 29 ਸਤੰਬਰ ਬਾਅਦ ਦੁਪਹਿਰ ਦੋ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।