ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ, ਭਾਜਪਾ ਆਗੂ ਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਤਹਿਤ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਹੌਂਸਲਾ ਦੇਣ ਪੁੱਜੀ। ਪਹਿਲਵਾਨਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦਾ ਸਮਰਥਨ ਜ਼ਾਹਰ ਕਰਦੇ ਹੋਏ ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤਾਕਤਵਰ ਤੇ ਮਾਫੀਆ ਅੱਗੇ ਗੋਡੇ ਟੇਕ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਅ ਰਹੀ ਹੈ। ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਬ੍ਰਿਜ ਭੂਸ਼ਣ ਪਹਿਲਾਂ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਪ੍ਰਿਯੰਕਾ ਕਰਨਾਟਕ ‘ਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਕੁਝ ਸਮੇਂ ਲਈ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ ਤੇ ਉਨ੍ਹਾਂ ਨਾਲ ਬੈਠ ਕੇ ਮਾਮਲੇ ‘ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਸੱਤ ਮਹਿਲਾ ਪਹਿਲਵਾਨਾਂ, ਜਿਨ੍ਹਾਂ ‘ਚ ਇਕ ਨਾਬਾਲਗ ਵੀ ਸ਼ਾਮਲ ਹੈ, ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਮਗਰੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋ ਐੱਫ.ਆਈ.ਆਰ. ਦਰਜ ਕੀਤੀਆਂ ਹਨ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਦੋਵੇਂ ਐੱਫ.ਆਈ.ਆਰ. ਕਨਾਟ ਪਲੇਸ ਪੁਲੀਸ ਥਾਣੇ ‘ਚ ਦਰਜ ਕੀਤੀਆਂ ਗਈਆਂ ਹਨ। ਪਹਿਲੀ ਐੱਫ.ਆਈ.ਆਰ. ਪੋਕਸੋ (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਬਾਰੇ) ਐਕਟ ਤਹਿਤ ਦਰਜ ਕੀਤੀ ਗਈ ਹੈ, ਜਿਸ ‘ਚ ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਆਈ.ਪੀ.ਸੀ. ਦੀਆਂ ਕੁਝ ਧਾਰਾਵਾਂ ਵੀ ਸ਼ਾਮਲ ਹਨ। ਦੂਜੀ ਐੱਫ.ਆਈ.ਆਰ. ਬਾਲਗ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ਾਂ ਦੀ ਵਿਸਥਾਰਤ ਜਾਂਚ ਨਾਲ ਸਬੰਧਤ ਹੈ। ਅਧਿਕਾਰੀ ਨੇ ਕਿਹਾ ਕਿ ਦੋਵਾਂ ਐੱਫ.ਆਈ.ਆਰਜ਼ ਦੀ ਜਾਂਚ ਸਹੀ ਮਾਅਨਿਆਂ ‘ਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਦਿਨ ਵੇਲੇ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਲਾਏ ਜਿਨਸੀ ਸ਼ੋਸ਼ਣ ਦੋਸ਼ਾਂ ਦੇ ਸਬੰਧ ‘ਚ ਐੱਫ.ਆਈ.ਆਰ. ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਦਿੱਲੀ ਪੁਲੀਸ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੀ ਸ਼ਮੂਲੀਅਤ ਵਾਲੇ ਬੈਂਚ ਨੂੰ ਦੱਸਿਆ ਕਿ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ।