ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਖਿੱਚਧੂਹ ਅਤੇ ਧੱਕਾਮੁੱਕੀ ਹੋਈ। ਤਿੰਨ ਵੱਖ-ਵੱਖ ਯੂਨੀਅਨਾਂ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਵਲੋਂ ਵੱਖੋ-ਵੱਖ ਪ੍ਰਦਰਸ਼ਨ ਕੀਤੇ ਗਏ ਅਤੇ ਤਿੰਨੋਂ ਪ੍ਰਦਰਸ਼ਨਕਾਰੀ ਧਿਰਾਂ ਦੀ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਇਨ੍ਹਾਂ ਪ੍ਰਦਰਸ਼ਨਕਾਰੀ ਧਿਰਾਂ ‘ਚ ਓਵਰਏਜ ਬੇਰੁਜ਼ਗਾਰ ਯੂਨੀਅਨ, ਈਟੀਟੀ ਅਧਿਆਪਕ ਯੂਨੀਅਨ ਪੰਜਾਬ ਅਤੇ ਪੀ.ਐੱਸ. ਟੈੱਟ ਯੂਨੀਅਨ ਪੰਜਾਬ ਸ਼ਾਮਲ ਸਨ। ਓਵਰਏਜ ਬੇਰੁਜ਼ਗਾਰ ਯੂਨੀਅਨ ਦੀ ਅਗਵਾਈ ਹੇਠ ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ। ਪ੍ਰਦਰਸ਼ਨਕਾਰੀ ਸਿੱਖਿਆ ਅਤੇ ਸਿਹਤ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਉਮਰ ਹੱਦ ਵਿਚ ਛੋਟ ਦੇ ਕੇ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ। ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਧੱਕਾ-ਮੁੱਕੀ ਹੋਈ। ਇਸ ਦੌਰਾਨ ਦੋ ਪ੍ਰਦਰਸ਼ਨਕਾਰੀ ਲੜਕੀਆਂ ਸੜਕ ਉੱਪਰ ਡਿੱਗ ਪਈਆਂ। ਬੇਰੁਜ਼ਗਾਰ ਯੂਨੀਅਨ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਰਮਨ ਕੁਮਾਰ ਨੇ ਕਿਹਾ ਕਿ ਚੋਣਾਂ ਮੌਕੇ ਭਗਵੰਤ ਮਾਨ ਵਲੋਂ ਬੇਰੁਜ਼ਗਾਰਾਂ ਨੂੰ ਉਮਰ ਹੱਦ ‘ਚ ਛੋਟ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਕ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ 20 ਅਪ੍ਰੈਲ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ‘ਚ ਮੀਟਿੰਗ ਦਾ ਲਿਖਤੀ ਪੱਤਰ ਸੌਂਪਿਆ ਗਿਆ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮੱਖਣ ਸਿੰਘ ਤੋਲਾਵਾਲ ਅਤੇ ਹਰਵਿੰਦਰ ਸਿੰਘ ਦਿੜਬਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਛੇ ਹਜ਼ਾਰ ਰੁਪਏ ਤਨਖ਼ਾਹ ਲੈਣ ਵਾਲੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ ਜਦੋਂਕਿ ਅਸਲ ਸਚਾਈ ਇਹ ਹੈ ਕਿ ਜਿਨ੍ਹਾਂ ਨੂੰ ਪੱਕੇ ਕਰਨ ਦੇ ਸੁਫ਼ਨੇ ਵਿਖਾਏ ਜਾ ਰਹੇ ਹਨ, ਉਹ ਹੋਰ ਕੇਡਰ ਵਾਲੇ ਹਨ। ਉਨ੍ਹਾਂ ਮੰਗ ਕੀਤੀ ਕਿ ਸੇਵਾਵਾਂ ‘ਚ ਪੁਰਾਣਾ ਤਜਰਬਾ ਜੋੜ ਕੇ ਰੈਗੂਲਰ ਕੀਤਾ ਜਾਵੇ।