ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ। ਭਰਤੀ ਪ੍ਰਕਿਰਿਆ ਦੌਰਾਨ ਚੁਣੇ ਗਏ 4161 ਅਧਿਆਪਕ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੀ। ਪੁਲੀਸ ਵੱਲੋਂ ਰੋਕੇ ਜਾਣ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਸੜਕ ‘ਤੇ ਆਵਾਜਾਈ ਠੱਪ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਭਰ ਤੋਂ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕ ਸਥਾਨਕ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ। ਨਾਕੇਬੰਦੀ ਦੇ ਬਾਵਜੂਦ ਜਿਉਂ ਹੀ ਪ੍ਰਦਰਸ਼ਨਕਾਰੀ ਆਂ ਨੇ ਬੈਰੀਕੇਡ ਧੂਹ ਕੇ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਜਬਰਦਸਤ ਧੱਕਾ-ਮੁੱਕੀ ਹੋਈ, ਜਿਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ। ਇਸ ਮੌਕੇ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਨੇ ਦੋਸ਼ ਲਾਇਆ ਕਿ ਪੁਲੀਸ ਵਲੋਂ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਸਮੇਤ ਗੁਰਮੁਖ ਸਿੰਘ ਕੋਟਭਾਈ ਅਤੇ ਬਲਵੀਰ ਸਿੰਘ ਦੀਆਂ ਪੱਗਾਂ ਲੱਥ ਗਈਆਂ ਅਤੇ ਕੁੱਝ ਸੱਟਾਂ ਵੀ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਜਨਵਰੀ ਨੂੰ ਲੁਧਿਆਣਾ ਵਿਖੇ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ ਪਰ ਡੇਢ ਮਹੀਨੇ ਬਾਅਦ ਵੀ ਅਜੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਅਤੇ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਰੋਹ ‘ਚ ਆਏ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਉਪਰ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਇਸ ਮੌਕੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੋਂਗੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਹਥਨ, ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਦੇਵੀ ਦਿਆਲ, ਫ਼ਕੀਰ ਚੰਦ ਟਿੱਬਾ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਅਧਿਆਪਕਾਂ ਨੂੰ ਸਮਰਥਨ ਦਿੱਤਾ।