ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫਤਰ ਦਾ ਉਦਘਾਟਨ ਕਰਨ ਪੁੱਜੇ ਤਾਂ ਸੈਂਕੜੇ ਦੀ ਗਿਣਤੀ ‘ਚ ਸਾਬਕਾ ਫੌਜੀਆਂ ਨੇ ਜੀ.ਓ.ਜੀ. ਸਕੀਮ ਬੰਦ ਕਰਨ ਖ਼ਿਲਾਫ਼ ਉਨ੍ਹਾਂ ਦਾ ਘਿਰਾਓ ਕੀਤਾ। ਸਾਬਕਾ ਸੈਨਿਕਾਂ ਨੇ ਘਿਰਾਓ ਮੌਕੇ ਕਾਲੀਆਂ ਝੰਡੀਆਂ ਵੀ ਦਿਖਾਈਆਂ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਧੱਕਾ-ਮੁੱਕੀ ਹੋਣ ਮਗਰੋਂ ਸਥਿਤੀ ਤਣਾਅਪੂਰਨ ਬਣ ਗਈ। ਘਿਰਾਓ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਦੀਆਂ ਗੱਡੀਆਂ ਨੂੰ ਸੁਰੱਖਿਅਤ ਕੱਢਣ ਲਈ ਪੁਲੀਸ ਅਤੇ ਸਾਬਕਾ ਸੈਨਿਕਾਂ ਵਿਚਕਾਰ ਧੱਕਾ-ਮੁੱਕੀ ਹੋਈ ਪਰੰਤੂ ਭਾਰੀ ਜਦੋਜਹਿਦ ਦੌਰਾਨ ਪੁਲੀਸ ਗੱਡੀਆਂ ਨੂੰ ਬਾਹਰ ਕੱਢਣ ‘ਚ ਸਫ਼ਲ ਹੋ ਗਈ। ਸਾਬਕਾ ਸੈਨਿਕਾਂ ਨੇ (ਗਾਰਡੀਅਨ ਆਫ਼ ਗਵਰਨੈਸ ਸਕੀਮ ਬੰਦ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਨਾਅਰਿਆਂ ਦੀ ਗੂੰਜ ਅਤੇ ਰੌਲੇ ਰੱਪੇ ਦੌਰਾਨ ਹਲਕਾ ਵਿਧਾਇਕ ਦੇ ਦਫ਼ਤਰ ਦਾ ਉਦਘਾਟਨ ਹੋਇਆ। ਉਦਘਾਟਨੀ ਸਮਾਗਮ ਦੌਰਾਨ ਪਾਰਟੀ ਵਰਕਰ ਇਕ ਪਾਸੇ ‘ਆਪ’ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਰਹੇ ਜਦੋਂ ਕਿ ਦੂਜੇ ਪਾਸੇ ਸਾਬਕਾ ਸੈਨਿਕ ਦੇ ਸਰਕਾਰ ਵਿਰੋਧੀ ਨਾਅਰੇ ਗੂੰਜਦੇ ਰਹੇ। ਸਾਬਕਾ ਸੈਨਿਕਾਂ ਵਲੋਂ ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਦਾ ਘਿਰਾਓ ਕਰਨ ਲਈ ਹਲਕਾ ਵਿਧਾਇਕ ਦੇ ਦਫ਼ਤਰ ਨੂੰ ਜਾਂਦੇ ਸਾਰੇ ਰਸਤਿਆਂ ਉਪਰ ਡਟ ਗਏ। ਕਰੀਬ ਦੋ ਘੰਟੇ ਤਣਾਅਪੂਰਨ ਮਾਹੌਲ ਬਣਿਆ ਰਿਹਾ। ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੂੰ ਛੋਟੀ ਜਿਹੀ ਗਲੀ ਵਿੱਚੋਂ ਦੀ ਪੈਦਲ ਵਿਧਾਇਕ ਦੇ ਦਫ਼ਤਰ ਲਿਆਂਦਾ ਗਿਆ ਜਿੰਨ੍ਹਾਂ ਨੇ ਦਫ਼ਤਰ ਦੇ ਉਦਘਾਟਨ ਦੀ ਰਸਮ ਅਦਾ ਕੀਤੀ ਅਤੇ ਕੁਝ ਮਿੰਟ ਦਫ਼ਤਰ ਸਾਹਮਣੇ ਸਮਾਗਮ ‘ਚ ਹਾਜ਼ਰੀ ਭਰੀ। ਇਸ ਦੌਰਾਨ ਪ੍ਰਸ਼ਾਸ਼ਨ ਦੀ ਤਰਫ਼ੋਂ ਐੱਸ.ਡੀ.ਐੱਮ. ਨਵਰੀਤ ਕੌਰ ਸੇਖੋਂ ਅਤੇ ਐੱਸ.ਪੀ. ਪਲਵਿੰਦਰ ਸਿੰਘ ਚੀਮਾ ਵਲੋਂ 6 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਮੀਟਿੰਗ ਦਾ ਲਿਖਤੀ ਪੱਤਰ ਸੌਂਪਿਆ ਤਾਂ ਸਾਬਕਾ ਸੈਨਿਕਾਂ ਦੇ ਸੂਬਾ ਪ੍ਰਧਾਨ ਕੈਪਟਨ ਗੁਲਾਬ ਸਿੰਘ ਤੇ ਹੋਰ ਆਗੂਆਂ ਵੱਲੋਂ ਪੱਤਰ ਮੋੜ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਮੀਟਿੰਗ ਕਿਸ ਨਾਲ ਹੋਵੇਗੀ, ਇਸ ਬਾਰੇ ਕੁਝ ਨਹੀਂ ਲਿਖਿਆ ਗਿਆ। ਇਸ ਮਗਰੋਂ ਸਾਬਕਾ ਸੈਨਿਕ ਰੋਹ ‘ਚ ਆ ਗਏ। ਜਿਉਂ ਹੀ ਪੁਲੀਸ ਵੱਲੋਂ ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੂੰ ਵਾਪਸ ਉਸੇ ਗਲੀ ਵਿਚੋਂ ਦੀ ਪੈਦਲ ਲਿਜਾ ਕੇ ਗੱਡੀਆਂ ਰਾਹੀਂ ਬਾਹਰ ਕੱਢਣ ਦੀ ਕੋਸ਼ਿਸ਼ ਤਾਂ ਸਾਬਕਾ ਸੈਨਿਕਾਂ ਵਲੋਂ ਗੱਡੀਆਂ ਅੱਗੇ ਆ ਕੇ ਘਿਰਾਓ ਕਰ ਲਿਆ ਅਤੇ ਕਾਲੀਆਂ ਝੰਡੀਆਂ ਵਿਖਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਪੁਲੀਸ ਨੇ ਸਖਤੀ ਵਰਤਦਿਆਂ ਸਾਬਕਾ ਸੈਨਿਕਾਂ ਨੂੰ ਜਬਰੀ ਹਟਾ ਕੇ ਬੜੀ ਮੁਸ਼ਕਲ ਨਾਲ ਗੱਡੀਆਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਇਸੇ ਦੌਰਾਨ ਬੱਲੂਆਣਾ ਵਿਧਾਨ ਸਭਾ ਖੇਤਰ ਦੀ ਸਬ ਤਹਿਸੀਲ ਸੀਤੋ ਗੁੰਨੋ ਲਾਗੇ ਪਿੰਡ ਸੁਖਚੈਨ ‘ਚ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਲਈ ਪੁੱਜੇ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਾਬਕਾ ਸੈਨਿਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਮੰਤਰੀ ਨੂੰ ਸਾਬਕਾ ਸੈਨਿਕਾਂ ਦੀ ਜਥੇਬੰਦੀ ਵੱਲੋਂ ਕਾਲੇ ਝੰਡੇ ਵਿਖਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ।