ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮਾਣਹਾਨੀ ਦੇ ਕੇਸ ‘ਚ ਪੇਸ਼ੀ ਭੁਗਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਪੁੱਜੇ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ, ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਅਦਾਲਤ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੀ ਹੁਣ ਉਨ੍ਹਾਂ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ‘ਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜ਼ਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ ਰੰਜਿਸ਼ ਵਜੋਂ ਦਾਇਰ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਈ ਦਹਾਕਿਆਂ ਤੋਂ ਦੇਸ਼ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਮਾਣਹਾਨੀ ਦੇ ਕੇਸ ਕਿਉਂ ਨਹੀਂ ਦਰਜ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਚੇ ਦੇਸ਼ ਭਗਤਾਂ ਨੂੰ ਅੱਤਵਾਦੀ ਗਰਦਾਨਦੇ ਹਨ, ਉਨ੍ਹਾਂ ਖ਼ਿਲਾਫ਼ ਅਜਿਹੇ ਕੇਸ ਕਿਉਂ ਨਹੀਂ ਦਰਜ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਕੋਈ ਮਾਣਹਾਨੀ ਵਰਗੀ ਕਾਰਵਾਈ ਨਹੀਂ ਹੁੰਦੀ। ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੁੱਟਣ ਤੋਂ ਬਾਅਦ ਹੁਣ ਇਹ ਆਗੂ ਆਪਣੇ ਮਾੜੇ ਕੰਮਾਂ ਲਈ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਕੇ ਸੁਰੱਖਿਅਤ ਪਨਾਹ ਦੀ ਆਸ ‘ਚ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਮਾਣਹਾਨੀ ਦੇ ਇਸ ਮਾਮਲੇ ‘ਚ ਜ਼ਮਾਨਤ ਹੋਣ ਤੋਂ ਬਾਅਦ ਅਦਾਲਤ ਨੇ ਪੰਜ ਦਸੰਬਰ ਦੀ ਮੁੜ ਪੇਸ਼ੀ ਪਾਈ ਹੈ। ਜਾਣਕਾਰੀ ਅਨੁਸਾਰ ਸਾਲ 2019 ‘ਚ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਭਗਵੰਤ ਮਾਨ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ। ਇਸ ‘ਚ ਅੰਗਰੇਜ਼ੀ, ਪੰਜਾਬੀ ਦੇ ਵੱਡੇ ਪੱਤਰਕਾਰਾਂ ਨੂੰ ਵੀ ਪਾਰਟੀ ਬਣਾਇਆ ਗਿਆ। 2019 ਦੀਆਂ ਲੋਕ ਸਭਾ ਚੋਣਾਂ ‘ਚ ਨਾਜਰ ਸਿੰਘ ਮਾਨਸ਼ਾਹੀਆ ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।