ਨਿਊ ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 660 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਨਾਲ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਦੇਸ਼ ਨੂੰ ਸਮਰਪਿਤ ਕੀਤਾ। ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਡਾਕਟਰਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੁਝ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। 30 ਦਸੰਬਰ 2013 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ। ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਕਰੀਬ 9 ਸਾਲਾਂ ‘ਚ ਬਣ ਕੇ ਤਿਆਰ ਹੋਇਆ ਹਸਪਤਾਲ ਤਕਰੀਬਨ 51 ਏਕੜ ਜ਼ਮੀਨ ‘ਚ ਬਣਾਇਆ ਗਿਆ ਹੈ। ਪੰਜਾਬ ‘ਚ ਕੈਂਸਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਚੰਡੀਗੜ੍ਹ ਨੇੜੇ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਬਣਾਉਣ ਦਾ ਫ਼ੈਸਲਾ ਲਿਆ ਸੀ। ਇਸ ਹਸਪਤਾਲ ਦੇ ਬਣਨ ਨਾਲ ਰਾਸ਼ਟਰੀ ਰਾਜਧਾਨੀ ਖੇਤਰ ‘ਚ ਜਿੱਥੇ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ, ਉਥੇ ਟਰਾਈਸਿਟੀ ਸਮੇਤ ਪੰਜਾਬ ਅਤੇ ਗੁਆਂਢੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਕੈਂਸਰ ਕੇਅਰ ਅਤੇ ਇਲਾਜ ਦੀ ਸੁਵਿਧਾ ਮਿਲੇਗੀ। ਹਸਪਤਾਲ ‘ਚ 300 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਹਸਪਤਾਲ ਕੈਂਸਰ ਦੇ ਹਰ ਤਰ੍ਹਾਂ ਦੇ ਇਲਾਜ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਥੇ ਸਰਜਰੀ, ਰੇਡੀਓ-ਥੈਰੇਪੀ ਅਤੇ ਮੈਡੀਕਲ ਔਨਕੋਲੋਜੀ-ਕੀਮੋਥੈਰੇਪੀ, ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟਰਾਂਸਪਲਾਂਟ ਦੀ ਸੁਵਿਧਾ ਉਪਲਬਧ ਹੋਵੇਗੀ। ਸੰਗਰੂਰ ‘ਚ ਸੌ ਬਿਸਤਰਿਆਂ ਵਾਲਾ ਹਸਪਤਾਲ ਇਸ ਦੀ ‘ਸ਼ਾਖਾ’ ਦੇ ਰੂਪ ‘ਚ ਕਾਰਜ ਕਰੇਗਾ।