ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ‘ਚ ਰੱਖਿਆ ਗਿਆ। ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਪ੍ਰਧਾਨ ਮੰਤਰੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਬਾਦਲ ਦੇ ਮੰਗਲਵਾਰ ਨੂੰ ਹੋਏ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਲਈ ਇਹ ਨਿੱਜੀ ਘਾਟਾ ਹੈ। ਪ੍ਰਧਾਨ ਮੰਤਰੀ ਨੇ ਲਿਖਿਆ ਕਿ ਮੈਂ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਕੀਤੀ ਤੇ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੀ ਗੱਲਬਾਤ ਤੋਂ ਸਿਆਣਪ ਸਾਫ਼ ਦਿਖਾਈ ਦਿੰਦੀ ਸੀ। ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤੀ ਰਾਜਨੀਤੀ ਦੀ ਵਿਸ਼ਾਲ ਸ਼ਖਸੀਅਤ ਦੱਸਦਿਆਂ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਨਾਜ਼ੁਕ ਸਮਿਆਂ ‘ਚ ਸੂਬੇ ਦੀ ਅਗਵਾਈ ਕੀਤੀ। ਉਹ ਇਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਨਾਜ਼ੁਕ ਸਮਿਆਂ ‘ਚ ਰਾਜ ਦੀ ਅਗਵਾਈ ਕੀਤੀ। ਬਾਦਲ ਦਾ ਦਿਹਾਂਤ ਮੇਰੇ ਲਈ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਬਹੁਤ ਕੁਝ ਸਿੱਖਿਆ ਹੈ। ਇਸੇ ਦੌਰਾਨ ਕਈ ਆਗੂਆਂ ਨੇ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਐਂਬੂਲੈਂਸ ਤੇ ਗੱਡੀਆਂ ਦੇ ਕਾਫਲੇ ਨਾਲ ਚੰਡੀਗੜ੍ਹ ਤੋਂ ਜੱਦੀ ਪਿੰਡ ਬਾਦਲ ਲਈ ਰਵਾਨਾ ਹੋਈ। ਮਰਹੂਮ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਹੀ 27 ਫਰਵਰੀ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।