ਲਖੀਮਪੁਰ ਖੀਰੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਦੇ ਚੱਲ ਰਹੇ ਤਿੰਨ ਰੋਜ਼ਾ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਦੇਸ਼ਵਿਆਪੀ ਪ੍ਰਦਰਸ਼ਨ ਲਈ ਤਿਆਰ ਰਹਿਣ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਥੇ ਕਿਸਾਨਾਂ ਵੱਲੋਂ ਤਿੰਨ ਰੋਜ਼ਾ ਧਰਨਾ ਦਿੱਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਮੰਗਾਂ ਲਈ ਕਿਸਾਨ ਧਰਨੇ ‘ਤੇ ਡਟੇ ਰਹੇ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਆਖਦਿਆਂ ਕਿਹਾ ਕਿ ਦੇਸ਼ਵਿਆਪੀ ਪ੍ਰਦਰਸ਼ਨ ਦੇ ਸਮੇਂ, ਥਾਂ ਅਤੇ ਸਥਿਤੀ ਦੀ ਜਾਣਕਾਰੀ ਉਨ੍ਹਾਂ ਨਾਲ ਛੇਤੀ ਹੀ ਸਾਂਝੀ ਕੀਤੀ ਜਾਵੇਗੀ। ਧਰਨੇ ‘ਚ ਬੀ.ਕੇ.ਯੂ. (ਚੜੂਨੀ) ਧੜੇ ਦੇ ਨੁਮਾਇੰਦੇ ਵੀ ਪਹੁੰਚੇ, ਜੋ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਹਨ ਪਰ ਉਨ੍ਹਾਂ ਪ੍ਰਦਰਸ਼ਨ ‘ਚ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ। ਟਿਕੈਤ ਨੇ ਕਿਹਾ, ‘ਜੇਕਰ ਸੰਯੁਕਤ ਕਿਸਾਨ ਮੋਰਚਾ ਕਮਜ਼ੋਰ ਹੋਇਆ ਤਾਂ ਸਰਕਾਰਾਂ ਕਿਸਾਨਾਂ ਨੂੰ ਦਬਾਅ ਲੈਣਗੀਆਂ।’ ਕੇਂਦਰੀ ਮੰਤਰੀ ਮਿਸ਼ਰਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੂਰਾ ਮੁਲਕ ਤਿਕੁਨੀਆ ਹਿੰਸਾ ਤੋਂ ਜਾਣੂ ਹੈ ਅਤੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਕਿਸਾਨਾਂ ਨੂੰ ਦਰੜਨ ਦੀ ਘਟਨਾ ਦਾ ਮੁੱਖ ਸਾਜ਼ਿਸ਼ਕਾਰ ਕੌਣ ਹੈ। ‘ਕਿੰਨੀ ਮਾੜੀ ਗੱਲ ਹੈ ਕਿ ਮੰਤਰੀ ਅਜੇ ਵੀ ਅਹੁਦੇ ‘ਤੇ ਬਣਿਆ ਹੋਇਆ ਹੈ।’ ਉਨ੍ਹਾਂ ਕਿਹਾ ਕਿ ਮੰਤਰੀ ਖ਼ਿਲਾਫ਼ ਧਾਰਾ 120ਬੀ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ‘ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੋਂ ਇਲਾਵਾ ਜੇਲ੍ਹਾਂ ‘ਚ ਬੰਦ ਬੇਕਸੂਰ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ, ਗੰਨੇ ਦੀ ਬਕਾਇਆ ਰਕਮ ਅਦਾ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਹੱਕ ਦਿੱਤੇ ਜਾਣ ਆਦਿ ਮੰਗਾਂ ਵੀ ਮੰਨੀਆਂ ਜਾਣ।’ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਸਿੱਖਾਂ ਦੀਆਂ ਜ਼ਮੀਨਾਂ ਖੋਹਣ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਇਹ ਬੇਇਨਸਾਫ਼ੀ ਨਹੀਂ ਹੋਣ ਦੇਵੇਗਾ। ਉਨ੍ਹਾਂ ਐਲਾਨ ਕੀਤਾ ਕਿ ਮੋਰਚੇ ਦਾ 10 ਮੈਂਬਰੀ ਵਫ਼ਦ ਜੇਲ੍ਹ ‘ਚ ਬੰਦ ਚਾਰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਲਈ ਜਾ ਰਿਹਾ ਹੈ।