ਲੋਕ ਸਭਾ ਦੀਆਂ ਆਮ ਚੋਣਾਂ ‘ਚ ਹਾਲੇ ਇਕ ਸਾਲ ਤੋਂ ਵੱਧ ਸਮਾਂ ਬਾਕੀ ਰਹਿੰਦਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਦਿਆਂ ਲੁਧਿਆਣਾ ਤੋਂ ਵਿਪਨ ਸੂਦ ਨੂੰ ਜਨਤਕ ਤੌਰ ‘ਤੇ ਚੋਣ ਲਈ ਤਿਆਰ ਰਹਿਣ ਲਈ ਕਹਿ ਕੇ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਦਾ ਅਸਿੱਧੇ ਰੂਪ ‘ਚ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਫੇਰੀ ਦੌਰਾਨ ਇਹ ਪ੍ਰਗਟਾਵਾ ਕੀਤਾ। ਸੁਖਬੀਰ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਆਗੂ ਵਿਪਨ ਸੂਦ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਪਨ ਸੂਦ ਦਾ ਹਰ ਵਰਗ ‘ਚ ਮਾਣ ਹੈ ਤੇ ਉਹ ਸਮਾਜ ‘ਚ ਚੰਗੀ ਥਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵਿਪਨ ਸੂਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਂਗ ਹਨ ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਵਿਪਨ ਇਸ ਹਲਕੇ ਤੋਂ ਦੂਜੀਆਂ ਪਾਰਟੀਆਂ ਨੂੰ ਵਧੀਆ ਟੱਕਰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਪਨ ਸੂਦ ਨੂੰ ਉਮੀਦਵਾਰ ਬਣਾਉਣ ਦਾ ਅੰਤਿਮ ਫ਼ੈਸਲਾ ਸ਼੍ਰ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕਰੇਗੀ। ਸ਼੍ਰ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਪਾਰਟੀਆਂ ਦਾ ਖਹਿੜਾ ਛੱਡ ਕੇ ਖੇਤਰੀ ਪਾਰਟੀਆਂ ਨੂੰ ਸਹਿਯੋਗ ਦੇਣ ਕਿਉਂਕਿ ਖੇਤਰੀ ਪਾਰਟੀਆਂ ਹੀ ਸੂਬੇ ਦੇ ਹਿਤਾਂ ਦੀ ਰਾਖੀ ਕਰ ਸਕਦੀਆਂ ਹਨ। ਅਕਾਲੀ ਆਗੂਆਂ, ਵਰਕਰਾਂ, ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਦਾ ਉਦੇਸ਼ ਸੂਬਿਆਂ ਦੇ ਹਿਤਾਂ ਦੀ ਰਾਖੀ ਕਰਨਾ ਨਹੀਂ, ਸਗੋਂ ਸਿਰਫ਼ ਕੇਂਦਰ ‘ਚ ਸਰਕਾਰ ਸਥਾਪਤ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਹਿਤਾਂ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਭਵਿੱਖ ‘ਚ ਵੀ ਇਸ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹੱਟੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਪੰਜਾਬ ਨੂੰ ਤਬਾਹੀ ਤੋਂ ਬਚਾਉਣ।