ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰ ਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ‘ਚ ਸਿੱਧੇ ਤੌਰ ‘ਤੇ ਦਖ਼ਲ ਦੇ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਲਾਲਪੁਰਾ ਇਕ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਲਾਲਪੁਰਾ ਸਿਰਫ਼ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਲਈ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀ ਸੇਵਾ ਸੰਭਾਲ ਭਾਜਪਾ ਤੇ ਆਰ.ਐੱਸ.ਐੱਸ. ਨੂੰ ਨਹੀਂ ਦੇ ਸਕਦੀ। ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਾ ਕਰੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਨ੍ਹਾਂ ਦੀ ਜ਼ਿੰਮੇਵਾਰੀ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦਕਿ ਉਹ ਕੰਮ ਉਲਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ‘ਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ‘ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖ਼ਰਲੇ ਅਹੁਦੇ ‘ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ।