ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ ਕਿਉਂਕਿ ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਦੇ ਚਾਹਵਾਨ ਹਨ। ਉਨ੍ਹਾਂ 9 ਨਵੰਬਰ ਨੂੰ ਪ੍ਰਧਾਨ ਦੀ ਚੋਣ ਲਈ ਸੱਦੇ ਸ਼੍ਰੋਮਣੀ ਕਮੇਟੀ ਇਜਲਾਸ ਨੂੰ ਅੱਗੇ ਪਾਉਣ ਦੀ ਅਪੀਲ ਕੀਤੀ ਸੀ ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਰਤਮਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਠੁਕਰਾ ਦਿੱਤਾ ਹੈ। ਇਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਰੀਕ ਨੂੰ ਲੈ ਕੇ ਬੀਬੀ ਜਗੀਰ ਕੌਰ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਹਮੋ-ਸਾਹਮਣੇ ਹੋ ਗਏ ਹਨ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਬਰਾਂ ਦੀ ਮਜਬੂਰੀ ਦੱਸਦਿਆਂ ਕਿਹਾ ਸੀ ਕਿ 9 ਨਵੰਬਰ ਨੂੰ ਸਾਰੇ ਮੈਂਬਰ ਜਰਨਲ ਇਜਲਾਸ ‘ਚ ਹਾਜ਼ਰ ਨਹੀਂ ਹੋ ਸਕਣਗੇ ਇਸ ਲਈ ਤਰੀਕ ਅੱਗੇ ਵਧਾਉਣੀ ਚਾਹੀਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 8 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਬਹੁਤ ਸਾਰੇ ਸਿੰਘ ਸਹਿਬਾਨ ਅਤੇ ਮੈਂਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਰੱਖੇ ਸਮਾਗਮਾਂ ‘ਚ ਸ਼ਮੂਲੀਅਤ ਲਈ ਦੇਸ਼ ਵਿਦੇਸ਼ ਗਏ ਹੁੰਦੇ ਹਨ ਜਿਸ ਕਾਰਨ ਉਨ੍ਹਾਂ ਦਾ ਆਪਣੇ ਹਲਕੇ ਤੋਂ ਬਾਹਰ ਹੋਣ ਕਾਰਨ ਇਜਲਾਸ ‘ਚ ਪੁੱਜਣਾ ਮੁਸ਼ਕਿਲ ਹੋ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ‘ਚ ਵੀ ਕਈ ਮੈਂਬਰ ਜਾ ਰਹੇ ਹਨ, ਜਿਨ੍ਹਾਂ ਦੀ ਵਾਪਸੀ 15 ਨਵੰਬਰ ਨੂੰ ਹੈ। ਉਨ੍ਹਾਂ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਨਰਲ ਇਜਲਾਸ ਦੀ ਤਰੀਕ ਅੱਗੇ ਪਾ ਦੇਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਮੈਂਬਰ ਇਸ ‘ਚ ਸ਼ਮੂਲੀਅਤ ਕਰ ਸਕਣ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜਨਰਲ ਇਜਲਾਸ ਦੀ ਤਰੀਕ 9 ਨਵੰਬਰ ਨਿਸ਼ਚਿਤ ਕੀਤੀ ਜਾ ਚੁੱਕੀ ਹੈ ਤੇ ਹੁਣ ਇਸ ਨੂੰ ਅਗਾਂਹ ਨਹੀਂ ਪਾਇਆ ਜਾ ਸਕਦਾ। ਇਜਲਾਸ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਇਸ ਸਬੰਧੀ ਚਿੱਠੀਆਂ ਵੀ ਮੈਂਬਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਨਰਲ ਹਾਊਸ ਸਿੱਖ ਗੁਰਦੁਆਰਾ ਐਕਟ ਮੁਤਾਬਕ 21 ਦਿਨਾਂ ਦੇ ਵਕਫ਼ੇ ਬਾਅਦ ਸੱਦਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਇਕ ਵਾਰ ਫਿਰ ਬਾਦਲਾਂ ਵੱਲੋਂ ਭੇਜੀ ਚਿੱਠੀ ‘ਚੋਂ ਨਿੱਕਲਦਾ ਹੈ ਜਾਂ ਫਿਰ ਲੋਕਤਾਂਤਰਿਕ ਤਰੀਕੇ ਨਾਲ ਮੈਂਬਰ ਚੁਣਨਗੇ। ਜੇਕਰ ਬੀਬੀ ਜਗੀਰ ਕੌਰ ਪ੍ਰਧਾਨ ਦੀ ਚੋਣ ਲਈ ਖੜ੍ਹੇ ਹਨ ਤਾਂ ਸੰਭਵ ਹੈ ਕਿ ਵਿਰੋਧੀ ਆਪਣਾ ਉਮੀਦਵਾਰ ਖੜ੍ਹਾ ਨਹੀਂ ਕਰਨਗੇ। ਉਨ੍ਹਾਂ ਨੂੰ ਹਰਿਆਣਾ ਤੇ ਦਿੱਲੀ ਦੀਆਂ ਗੁਰਦੁਆਰਾ ਕਮੇਟੀਆਂ ਤੋਂ ਇਲਾਵਾ ਢੀਂਡਸਾ ਸਮੇਤ ਬਾਕੀ ਅਕਾਲੀ ਧੜਿਆਂ ਵੱਲੋਂ ਹਮਾਇਤ ਮਿਲਣ ਦੀ ਸੰਭਾਵਨਾ ਹੈ। ਪਰ ਬੀਬੀ ਜਗੀਰ ਕੌਰ ਨੇ ਹਾਲੇ ਸਿੱਧਾ ਮੈਦਾਨ ‘ਚ ਉੱਤਰਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ੈਸਲੇ ਦੀ ਉਡੀਕ ਕਰਨ ਦੀ ਗੱਲ ਆਖੀ ਹੈ। ਇਹ ਫ਼ੈਸਲਾ ਆਉਣ ਤੋਂ ਬਾਅਦ ਹੀ ਉਹ ਅਗਲਾ ਪੈਂਤੜਾ ਅਖਤਿਆਰ ਕਰਨਗੇ।